ਬਰਨਾਲਾ,21 ਜੂਨ (ਨਿਰਮਲ ਸਿੰਘ ਪੰਡੋਰੀ)-
-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਖਤਮ ਕਰਨ ਤੋਂ ਬਾਅਦ ਆਂਗਣਵਾੜੀ ਵਰਕਰਾਂ ਹਰਪਰਾਂ ‘ਚ ਸੂਬਾ ਸਰਕਾਰ ਖਿਲਾਫ ਰੋਸ ਦੀ ਲਹਿਰ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਇਸ ਕਦਮ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਨੇ ਪਿਛਲੇ 30 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਹੱਕਾਂ ਲਈ ਸੰਘਰਸ਼ ਕੀਤਾ ਤੇ ਉਹਨਾਂ ਨੂੰ ਜਾਗਰੂਕ ਕਰਕੇ ਏਕਤਾ ਦੀ ਲੜੀ ਵਿੱਚ ਪਰੋਇਆ ਜੋ ਸਰਕਾਰ ਨੂੰ ਚੰਗਾ ਨਹੀਂ ਲੱਗਿਆ। ਉਹਨਾਂ ਕਿਹਾ ਕਿ ਹਰਗੋਬਿੰਦ ਕੌਰ ਦੇ ਖਿਲਾਫ ਰਾਜਨੀਤਿਕ ਗਤੀਵਿਧੀਆਂ ਦੇ ਦੋਸ਼ ਵੀ ਬੇਬੁਨਿਆਦ ਹਨ ਕਿਉਂਕਿ ਪਹਿਲਾਂ ਹੀ ਆਂਗਣਵਾੜੀ ਵਰਕਰਾਂ ਪੰਚ, ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹੋਰ ਅਹੁਦਿਆਂ ‘ਤੇ ਹਨ ਪ੍ਰੰਤੂ ਰੰਜਿਸ਼ ਅਧੀਨ ਹਰਗੋਬਿੰਦ ਕੌਰ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ। ਇਸ ਮੌਕੇ ਸਰਕਲ ਪ੍ਰਧਾਨ ਜਸਪਾਲ ਕੌਰ ਬਰਨਾਲਾ, ਗੁਰਮੀਤ ਕੌਰ ਸੰਘੇੜਾ, ਅੰਗੂਰੀ ਦੇਵੀ ਹੰਡਿਆਇਆ, ਗੁਰਮੀਤ ਕੌਰ ਕਾਲੇਕੇ, ਹਰਕੀਰਤ ਕੌਰ ਧੌਲਾ, ਗੁਰਪ੍ਰੀਤ ਕੌਰ ਖੁੱਲੀ ਕਲਾਂ ਪਰਮਜੀਤ ਕੌਰ ਬਡਬਰ ਤੇ ਕਿਰਨਾ ਰਾਣੀ ਨੇ ਕਿਹਾ ਕਿ ਸਮੂਹ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪ੍ਰਧਾਨ ਹਰਗੋਬਿੰਦ ਕੌਰ ਦੇ ਨਾਲ ਚੱਟਾਨ ਵਾਂਗ ਖੜੀਆਂ ਹਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਵੀ ਕੀਤਾ ਜਾਵੇਗਾ।