ਚੰਡੀਗੜ੍ਹ,2 ਅਗਸਤ, Gee98 news service
-ਕੇਂਦਰ ਨੇ ਪੰਜਾਬ ਸਰਕਾਰ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਸੂਬੇ ਵਿੱਚ 3000 ਕਰੋੜ ਤੋਂ ਵਧੇਰੇ ਦੇ ਨੈਸ਼ਨਲ ਹਾਈਵੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਕੇਂਦਰ ਸਰਕਾਰ ਨੇ ਇਹਨਾਂ ਪ੍ਰੋਜੈਕਟਾਂ ਦੇ ਰੱਦ ਕਰਨ ਦਾ ਕਾਰਨ ਪੰਜਾਬ ਸਰਕਾਰ ਦੀ ਇਹਨਾਂ ਪ੍ਰੋਜੈਕਟਾਂ ਪ੍ਰਤੀ ਲਾਪਰਵਾਹੀ ਦੱਸਿਆ ਹੈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ NHAI ਨੇ ਅਸਲ ਵਿੱਚ ਜ਼ਮੀਨ ਐਕਵਾਇਰ ਵਿੱਚ ਰੁਕਾਵਟਾਂ ਅਤੇ ਲੋੜਾਂ ਪੂਰੀਆਂ ਨਾ ਹੋਣ ਕਾਰਨ 3,303 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ। ਗਡਕਰੀ ਨੇ ਇਹ ਵੀ ਦੱਸਿਆ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਅਤੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਪ੍ਰਸਤਾਵ ਵੀ ਭੇਜਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬਾ ਕੌਮੀ ਮਾਰਗ ਤਿਆਰ ਕੀਤਾ ਜਾ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਵੀ ਜ਼ਮੀਨ ਐਕਵਾਇਰ ਦੇ ਮੁਆਵਜ਼ੇ ਵਿੱਚ ਦੇਰੀ ਕਾਰਨ ਨੁਕਸਾਨ ਹੋਇਆ ਹੈ। ਪ੍ਰੋਜੈਕਟਾਂ ‘ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ NHAI ਨਾਲ ਇਕਰਾਰਨਾਮੇ ਨੂੰ ਖਤਮ ਜਾਂ ਮੁਅੱਤਲ ਕਰਨ ਬਾਰੇ ਪਤਾ ਲੱਗ ਗਿਆ ਸੀ। ਜ਼ਿਆਦਾਤਰ ਠੇਕੇਦਾਰਾਂ ਵੱਲੋਂ NHAI ਤੋਂ ਦਾਅਵੇ ਵੀ ਮੰਗੇ ਗਏ ਹਨ। NHAI ਪਹਿਲਾਂ ਹੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਦੇ ਢਿੱਲੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕਰ ਚੁੱਕਾ ਹੈ। ਜਿਸ ਕਾਰਨ NHAI ਨੇ ਪੰਜਾਬ ਵਿੱਚ 3303 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟ ਲੁਧਿਆਣਾ-ਰੋਪੜ-ਖਰੜ, ਦੱਖਣੀ ਲੁਧਿਆਣਾ ਬਾਈਪਾਸ ਅਤੇ ਅੰਮ੍ਰਿਤਸਰ ਤੋਂ ਟਾਂਡਾ ਪ੍ਰੋਜੈਕਟ ਬੰਦ ਕਰਨ ਦਾ ਫੈਸਲਾ ਕੀਤਾ ਸੀ। ਧਿਆਨ ਰਹੇ ਕਿ ਪਿਛਲੇ ਮਹੀਨੇ NHAI ਦੇ ਚੇਅਰਮੈਨ ਸੰਤੋਸ਼ ਕੁਮਾਰ ਯਾਦਵ ਨੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਪੱਤਰ ਲਿਖ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਦੀ ਢਿੱਲਮੱਠ ਕਾਰਨ ਸਭ ਤੋਂ ਅਹਿਮ ਪ੍ਰਾਜੈਕਟ ਕਟੜਾ, ਅੰਮ੍ਰਿਤਸਰ, ਦਿੱਲੀ ਐਕਸਪ੍ਰੈਸ ਵੇਅ ਦਾ ਕੰਮ ਵੀ ਲਟਕ ਰਿਹਾ ਹੈ।