ਚੰਡੀਗੜ੍ਹ,3 ਸਤੰਬਰ, Gee98 news service
-ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੰਮ ਕਰਨ ਦੇ ਘੰਟਿਆਂ ਵਿੱਚ ਕਟੌਤੀ ਕਰ ਦਿੱਤੀ ਹੈ। ਭਾਰਤ ਸਮੇਤ ਹੋਰ ਦੇਸ਼ਾਂ ਦੇ ਕੈਨੇਡਾ ਵਿੱਚ ਰਹਿ ਰਹੇ ਅੰਤਰਰਾਸ਼ਟਰੀ ਵਿਦਿਆਰਥੀ ਹੁਣ ਉਥੋਂ ਦੀ ਸਰਕਾਰ ਦੇ ਨਵੇਂ ਨਿਯਮਾਂ ਮੁਤਾਬਕ ਹੀ ਕੰਮ ਕਰ ਸਕਣਗੇ। ਕੈਨੇਡਾ ਸਰਕਾਰ ਦੇ ਇਸ ਨਵੇਂ ਫੈਸਲੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਿੱਤੀ ਹਾਲਤ ਖਰਾਬ ਹੋਵੇਗੀ ਅਤੇ ਉਹਨਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਨਿਯਮ ਦੇ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ਼ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਨਵੇਂ ਨਿਯਮ ਦਾ ਮਤਲਬ ਹੈ ਕਿ ਵਿਦਿਆਰਥੀ ਹਰ ਹਫ਼ਤੇ ਸਿਰਫ਼ ਤਿੰਨ ਸ਼ਿਫਟਾਂ ਵਿੱਚ ਕੰਮ ਕਰ ਸਕਦੇ ਹਨ, ਜਿਸ ਨਾਲ ਉਨ੍ਹਾਂ ਲਈ ਆਪਣੇ ਖਰਚੇ ਪੂਰੇ ਕਰਨੇ ਔਖੇ ਹੋ ਜਾਂਦੇ ਹਨ। 24 ਘੰਟਿਆਂ ਦੀ ਸੀਮਾ ਦੇ ਕਾਰਨ ਟੋਰਾਂਟੋ ਵਰਗੇ ਮਹਿੰਗੇ ਸ਼ਹਿਰਾਂ ਵਿੱਚ ਰਹਿਣ-ਸਹਿਣ ਦੇ ਖਰਚਿਆਂ ਨੂੰ ਬਰਦਾਸ਼ਤ ਕਰਨਾ ਚੁਣੌਤੀਆਂ ਨਾਲ ਭਰਪੂਰ ਹੋਵੇਗਾ। ਨਵੇਂ ਨਿਯਮ ਦੇ ਤਹਿਤ ਆਪਣੇ ਕਿਰਾਏ,ਕਰਿਆਨੇ ਅਤੇ ਹੋਰ ਲੋੜਾਂ ਪੂਰੀਆਂ ਕਰਨ ਸਬੰਧੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਕੈਨੇਡਾ ‘ਚ ਮੌਜੂਦ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚੋਂ ਸਭ ਤੋਂ ਵੱਧ ਗਿਣਤੀ ਭਾਰਤੀਆਂ ਦੀ ਹੈ। ਪਿਛਲੇ ਕੁਝ ਸਮੇਂ ਤੋਂ ਕੈਨੇਡਾ ਸਰਕਾਰ ਵੱਲੋਂ ਲਗਾਤਾਰ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਵੀਜ਼ਾ ਸਬੰਧੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਕੈਨੇਡਾ ਦੇ ਨਾਗਰਿਕਾਂ ਨੂੰ ਬੇਰੁਜ਼ਗਾਰੀ ਦੀ ਸਮੱਸਿਆ ਤੇ ਉੱਥੇ ਰਹਿਣ ਦੀ ਸਮੱਸਿਆ ਦੇ ਤਰਕ ਦਿੱਤੇ ਜਾ ਰਹੇ ਹਨ ਪਰ ਸਰਕਾਰ ਇਸ ਗੱਲ ਨੂੰ ਅੱਖੋਂ ਪਰੋਖੇ ਕਰ ਰਹੀ ਹੈ ਕਿ ਇਹਨਾਂ ਨਵੇਂ ਨਿਯਮਾਂ ਦਾ ਅੰਤ ਨੇ ਰਾਸ਼ਟਰੀ ਵਿਦਿਆਰਥੀਆਂ ‘ਤੇ ਮਾੜਾ ਪ੍ਰਭਾਵ ਪਵੇਗਾ।