ਬਰਨਾਲਾ, 18 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਵਿਜੀਲੈਂਸ ਬਿਊਰੋ ਦੀ ਬਰਨਾਲਾ ਯੂਨਿਟ ਨੇ ਪੰਜਾਬ ਪੁਲਿਸ ਦੇ ਇੱਕ ਏਐਸਆਈ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਬਰਨਾਲਾ ਵਾਸੀ ਜਗਤਾਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਦਾ ਬਰਨਾਲਾ ਦੇ ਥਾਣਾ ਸਦਰ ਖੇਤਰ ਵਿੱਚ ਕੁਝ ਦਿਨ ਪਹਿਲਾਂ ਐਕਸੀਡੈਂਟ ਹੋਇਆ ਸੀ ਜਿਸ ਸਬੰਧੀ ਦੂਜੀ ਧਿਰ ਨਾਲ ਰਾਜ਼ੀਨਾਮਾ ਵੀ ਹੋ ਗਿਆ ਸੀ। ਜਗਤਾਰ ਸਿੰਘ ਦਾ ਦੂਜੀ ਧਿਰ ਨਾਲ ਰਾਜ਼ੀਨਾਮਾ ਹੋਣ ਤੋਂ ਬਾਅਦ ਰਾਜ਼ੀਨਾਮੇ ਦੇ ਪੈਸੇ ਦਿਵਾਉਣ ਦੇ ਮਾਮਲੇ ਵਿੱਚ ਥਾਣਾ ਸਦਰ ਵਿੱਚ ਤਾਇਨਾਤ ਏਐਸਆਈ ਭੋਲਾ ਸਿੰਘ ਨੇ ਜਗਤਾਰ ਸਿੰਘ ਤੋਂ 10,000 ਰਿਸਵਤ ਦੀ ਮੰਗ ਕੀਤੀ ਜਿਸ ਤੋਂ ਬਾਅਦ ਜਗਤਾਰ ਸਿੰਘ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਏਐਸਆਈ ਭੋਲਾ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਕਾਬੂ ਕੀਤਾ। ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਏਐਸਆਈ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।