ਚੰਡੀਗੜ੍ਹ,13 ਦਸੰਬਰ, Gee98 news service
-ਪੰਜਾਬ ‘ਚ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀਆਂ ਦਰਾਂ ਦੀਆਂ ਕੀਮਤਾਂ ਚ ਵਾਧੇ ਦਾ ਕਰੰਟ ਲੱਗ ਸਕਦਾ ਹੈ। ਪਾਵਰਕਾਮ ਨੇ ਆਪਣੇ ਮਾਲੀਆ ਘਾਟੇ ਦਾ ਹਵਾਲਾ ਦਿੰਦੇ ਹੋਏ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਬਿਜਲੀ ਦਰਾਂ ‘ਚ ਵਾਧਾ ਕਰਨ ਲਈ ਲਿਖਿਆ ਹੈ। ਪਾਵਰਕਾਮ ਨੇ ਕਮਿਸ਼ਨ ਨੂੰ ਭੇਜੀ ਆਪਣੀ ਸਾਲਾਨਾ ਮਾਲੀਆ ਲੋੜ (ARR) ਰਿਪੋਰਟ ਵਿੱਚ ਕੁੱਲ 5091 ਕਰੋੜ ਰੁਪਏ ਦੇ ਮਾਲੀਆ ਘਾਟੇ ਦਾ ਹਵਾਲਾ ਦਿੱਤਾ ਹੈ ਅਤੇ ਇਸਦੀ ਭਰਪਾਈ ਲਈ ਬਿਜਲੀ ਦਰਾਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਪਾਵਰਕਾਮ ਨੇ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪਾਵਰਕਾਮ ਦੇ 5 ਹਜ਼ਾਰ ਕਰੋੜ ਤੋਂ ਵੱਧ ਦੇ ਮਾਲੀਆ ਘਾਟੇ ਨੂੰ ਵੇਖਦੇ ਹੋਏ ਬਿਜਲੀ ਦਰਾਂ ‘ਚ 10 ਫੀਸਦੀ ਤੱਕ ਦਾ ਵਾਧਾ ਕੀਤਾ ਜਾਵੇ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਹਾਲਾਂਕਿ ਪਾਵਰਕਾਮ ਦੇ ਅਧਿਕਾਰੀਆਂ ਦਾ ਤਰਕ ਹੈ ਕਿ ਪਾਵਰਕਾਮ ਦੇ 2010 ਵਿੱਚ ਹੋਂਦ ਵਿੱਚ ਆਉਣ ਤੋਂ ਬਾਅਦ ਪਿਛਲੇ 16 ਸਾਲਾਂ ਵਿੱਚ ਬਿਜਲੀ ਦਰਾਂ ਵਿੱਚ ਇਹ ਸਭ ਤੋਂ ਘੱਟ ਪ੍ਰਸਤਾਵਿਤ ਵਾਧਾ ਹੈ। ਦੂਜੇ ਪਾਸੇ ਪੰਜਾਬ ਵਿੱਚ 2025-26 ਵਿੱਚ ਪਾਵਰ ਕਾਮ ਵੱਲੋਂ ਵੱਖ-ਵੱਖ ਵਰਗਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਬਸਿਡੀ 20433 ਕਰੋੜ ਰੁਪਏ ਤੱਕ ਹੋਣ ਦਾ ਅਨੁਮਾਨ ਹੈ।