ਬਰਨਾਲਾ,14 ਦਸੰਬਰ (ਨਿਰਮਲ ਸਿੰਘ ਪੰਡੋਰੀ)-
–ਸਿੱਖਿਆ ਵਿਭਾਗ ਤੇ ਐਸਈਆਰਟੀ ਪੰਜਾਬ ਦੀਆਂ ਹਿਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਲਕਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਬਰਜਿੰਦਰ ਪਾਲ ਸਿੰਘ ਅਤੇ ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਧੀਨ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਦੇ ਸਾਇੰਸ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਵਿੱਦਿਅਕ ਕੁਇਜ਼ ਮੁਕਾਬਲਿਆਂ ਦਾ ਸਫ਼ਲਤਾਪੂਰਵਕ ਸੰਚਾਲਨ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਲਕਾ ਰਾਣੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਚਾ ਚੁੱਕਣ ਲਈ, ਉਹਨਾਂ ਦੇ ਅੰਦਰੂਨੀ ਹੁਨਰ ਨੂੰ ਉਭਾਰਨ ਤੇ ਨਿਖਾਰਨ ਅਤੇ ਆਤਮ ਵਿਸ਼ਵਾਸ ਦੇ ਵਾਧੇ ਲਈ ਸਿੱਖਿਆ ਵਿਭਾਗ ਵੱਲੋਂ ਇਹ ਮੁਕਾਬਲੇ ਕਰਵਾਏ ਜਾਂਦੇ ਹਨ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰ ਪਾਲ ਸਿੰਘ ਤੇ ਪ੍ਰਿੰਸੀਪਲ ਡਾਕਟਰ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਬਲਾਕ ਪੱਧਰ ‘ਤੇ ਜੇਤੂ ਟੀਮਾਂ ਵੱਲੋਂ ਡਾਇਟ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ। ਜਿਸ ਵਿੱਚ ਮਿਡਲ ਅਤੇ ਹਾਈ ਪੱਧਰ ‘ਤੇ ਦੋਹਾਂ ਹੀ ਵਰਗਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਦੇ ਵਿਦਿਆਰਥੀਆਂ ਵੱਲੋਂ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੀਆਂ ਵਿਦਿਆਰਥਣਾਂ ਵੱਲੋਂ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ਼ਹਿਣਾ ਦੀਆਂ ਵਿਦਿਆਰਥਣਾਂ ਵੱਲੋਂ ਤੀਜਾ ਸਥਾਨ ਹਾਸਿਲ ਕੀਤਾ ਗਿਆ। ਉਹਨਾਂ ਕਿਹਾ ਕਿ ਦੋਹਾਂ ਹੀ ਵਰਗਾਂ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਹਿੱਸਾ ਲੈਣਗੀਆ। ਕੁਇਜ਼ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਟੀਮਾਂ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਲਕਾ ਰਾਣੀ ਨੇ ਇਹਨਾਂ ਵਿਦਿਅਕ ਮੁਕਾਬਲਿਆਂ ਦੇ ਸਫਲਤਾਪੂਰਵਕ ਸੰਚਾਲਨ ਲਈ ਪ੍ਰੋਗਰਾਮ ਕੋਆਰਡੀਨੇਟਰ ਡੀਆਰਸੀ ਕਮਲਦੀਪ, ਬੀਐਨਓ ਸੁਰੇਸ਼ਟਾ ਸ਼ਰਮਾ, ਹਰਪ੍ਰੀਤ ਕੌਰ, ਜਸਵਿੰਦਰ ਸਿੰਘ, ਬੀਆਰਸੀ ਕ੍ਰਿਸ਼ਨ ਲਾਲ, ਸੁਖਪਾਲ ਸਿੰਘ, ਅਮਨਿੰਦਰ ਕੁਠਾਲਾ, ਸਤੀਸ਼ ਜੈਦਕਾ, ਨਵਦੀਪ ਮਿੱਤਲ, ਤੇਜਿੰਦਰ ਸ਼ਰਮਾ, ਲੈਕਚਰਾਰ ਬਲਵਿੰਦਰ ਸਿੰਘ, ਰਾਜੀਵ ਕੁਮਾਰ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਦੀ ਭੂਮਿਕਾ ਦੀ ਸ਼ਲਾਘਾ ਕੀਤੀ।