ਬਰਨਾਲਾ,24 ਦਸੰਬਰ (ਨਿਰਮਲ ਸਿੰਘ ਪੰਡੋਰੀ)-
-ਪੰਜਾਬ ਦੀਆਂ ਸਰਕਾਰੀ ਬੱਸਾਂ ਦੇ ਕਾਮਿਆਂ ਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਬੇਰੁਖੀ ਧਾਰਨ ਕੀਤੀ ਹੋਈ ਹੈ ਜਿਸ ਕਰਕੇ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਇਹ ਡਰਾਈਵਰ ਅਤੇ ਕੰਡਕਟਰ ਸੰਘਰਸ਼ ਦੇ ਰਾਹ ਪਏ ਹੋਏ ਹਨ। ਪੰਜਾਬ ਰੋਡਵੇਜ਼ ਪਨਬਸ/ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ 25/11 ਨੇ ਆਪਣੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ‘ਤੇ ਦਬਾਅ ਪਾਉਣ ਦੀ ਨੀਤੀ ਤਹਿਤ ਪਿਛਲੇ ਕੁਝ ਦਿਨਾਂ ਤੋਂ ਯੋਜਨਾਬੱਧ ਸੰਘਰਸ਼ ਦਾ ਐਲਾਨ ਕੀਤਾ ਹੋਇਆ ਹੈ ਜਿਸ ਤਹਿਤ ਜਥੇਬੰਦੀ ਦੀ ਬਰਨਾਲਾ ਇਕਾਈ ਨੇ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੂੰ ਮੰਗ ਪੱਤਰ ਦਿੱਤੇ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਭਦੌੜ ਤੋਂ ਸੱਤਾਧਾਰੀ ਵਿਧਾਇਕ ਲਾਭ ਸਿੰਘ ਉਗੋਕੇ ਨੂੰ ਜਥੇਬੰਦੀ ਦੇ ਆਗੂਆਂ ਗੁਰਪਾਲ ਸਿੰਘ ਪੱਪੂ, ਗੁਰਪ੍ਰੀਤ ਸਿੰਘ ਸੇਖਾ, ਕੁਲਵਿੰਦਰ ਸਿੰਘ, ਬਿੰਦਰਪਾਲ ਸਿੰਘ ਆਦਿ ਆਗੂਆਂ ਨੇ ਮੰਗ ਪੱਤਰ ਦਿੱਤਾ ਅਤੇ ਕੱਚੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਪ੍ਰਤੀ ਵਿਧਾਇਕ ਨੂੰ ਜਾਣੂ ਕਰਵਾਇਆ। ਆਗੂਆਂ ਨੇ ਦੱਸਿਆ ਕਿ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਉਹਨਾਂ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਤੇ ਸਮੱਸਿਆਵਾਂ ਹੱਲ ਕਰਨ ਸੰਬੰਧੀ ਆਪਣੇ ਪੱਧਰ ‘ਤੇ ਯਤਨ ਕਰਨ ਦਾ ਭਰੋਸਾ ਦਿੱਤਾ।