ਚੰਡੀਗੜ੍ਹ,11 ਜੁਲਾਈ, Gee98 news service
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਚੰਡੀਗੜ੍ਹ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਚੀਮਾ ਦੇ ਖ਼ਿਲਾਫ਼ ਇਹ ਐਫਆਈਆਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਇੱਕ ਸ਼ਿਕਾਇਤ ਤੋਂ ਬਾਅਦ ਦਰਜ ਕੀਤੀ ਗਈ ਹੈ। ਆਪਣੇ ਦੋ ਸੀਨੀਅਰ ਕੈਬਨਿਟ ਮੰਤਰੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ, ਅਮਨ ਅਰੋੜਾ ਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਇੱਕ ਦਰਖ਼ਾਸਤ ਚੰਡੀਗੜ੍ਹ ਪੁਲਿਸ ਨੂੰ ਦਿੱਤੀ ਸੀ ਕਿ ਉਨਾਂ ਦੀ ਇੱਕ ਵੀਡੀਓ ਕਲਿੱਪ ਨੂੰ ਛੇੜਛਾੜ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤਾ ਗਿਆ ਹੈ ਜਿਸ ਨਾਲ ਉਹਨਾਂ ਦਾ ਅਕਸ ਖਰਾਬ ਹੋਇਆ ਹੈ। ਪ੍ਰਤਾਪ ਸਿੰਘ ਬਾਜਵਾ ਦੀ ਸ਼ਿਕਾਇਤ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਨੇ ਅਮਨ ਅਰੋੜਾ ਤੇ ਹਰਪਾਲ ਚੀਮਾ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਅਤੇ ਇਸ ਮਾਮਲੇ ‘ਚ ਭਗਵੰਤ ਮਾਨ ਅਤੇ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਸ਼ਮੂਲੀਅਤ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ। ਸ੍ਰੀ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਦੇ ਖ਼ਿਲਾਫ਼ ਐਫਆਈਆਰ ਦਰਜ ਹੋਣ ਦੀ ਜਾਣਕਾਰੀ ਖੁਦ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸਵੇਰੇ ਵਿਧਾਨ ਸਭਾ ਦੇ ਬਾਹਰ ਦਿੱਤੀ ਅਤੇ ਐਫਆਈਆਰ ਦੀਆਂ ਕਾਪੀਆਂ ਵੀ ਮੀਡੀਆ ਨੂੰ ਦਿਖਾਈਆਂ।