ਬਰਨਾਲਾ,12 ਜੁਲਾਈ, Gee98 news service
ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਸੱਦੋਵਾਲ ਵਿਖੇ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇੱਕ ਮੈਡੀਕਲ ਸਟੋਰ ਦਾ ਮਾਲਕ ਅਤੇ ਪੰਚਾਇਤ ਆਹਮੋ ਸਾਹਮਣੇ ਹੋ ਗਏ। ਇਸ ਮਾਮਲੇ ਸਬੰਧੀ ਗੱਲਬਾਤ ਕਰਦੇ ਹੋਏ ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਅਤੇ ਸਾਬਕਾ ਸਰਪੰਚ ਨਛੱਤਰ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਇਕ ਮੈਡੀਕਲ ਸਟੋਰ ‘ਤੇ ਪਿਛਲੇ ਦੋ ਤਿੰਨ ਸਾਲਾਂ ਤੋਂ ਨਸ਼ੇ ਦੀ ਵਿਕਰੀ ਹੋ ਰਹੀ ਹੈ, ਜਿਸ ਸਬੰਧੀ ਕਈ ਵਾਰ ਪੁਲਿਸ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਲਿਆਂਦਾ ਪ੍ਰੰਤੂ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਰਾਤ ਸਮੇਂ ਮੈਡੀਕਲ ਸਟੋਰ ‘ਤੇ ਆ ਕੇ ਨਸ਼ਾ ਤਸਕਰ ਨਸ਼ੇ ਦੀ ਸਪਲਾਈ ਕਰਦੇ ਹਨ। ਸਰਪੰਚ ਨੇ ਦੱਸਿਆ ਕਿ ਅੱਜ ਜਦੋਂ ਪੰਚਾਇਤ ਮੈਡੀਕਲ ਸਟੋਰ ਦੇ ਮਾਲਕ ਨੂੰ ਨਸ਼ਾ ਨਾ ਵੇਚਣ ਦੀ ਬੇਨਤੀ ਕਰਨ ਗਈ ਤਾਂ ਮੈਡੀਕਲ ਸਟੋਰ ਦੇ ਮਾਲਕ ਨੇ ਪੰਚਾਇਤ ਉੱਪਰ ਹਮਲਾ ਕਰ ਦਿੱਤਾ ਅਤੇ ਫਰਾਰ ਹੋ ਗਿਆ। ਇਸ ਘਟਨਾ ਤੋਂ ਬਾਅਦ ਮੈਡੀਕਲ ਸਟੋਰ ਦੇ ਮਾਲਕ ਦੇ ਖ਼ਿਲਾਫ਼ ਪਿੰਡ ਵਾਸੀਆਂ ‘ਚ ਰੋਸ ਫੈਲ ਗਿਆ ਤੇ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਮੈਡੀਕਲ ਸਟੋਰ ਮਾਲਕ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਮੈਡੀਕਲ ਸਟੋਰ ਵਾਲੇ ਤੇ ਪਹਿਲਾਂ ਵੀ ਮਾਮਲਾ ਦਰਜ ਹੋਣ ਦਾ ਜ਼ਿਕਰ ਕੀਤਾ।
ਦੂਜੇ ਪਾਸੇ ਮੈਡੀਕਲ ਸਟੋਰ ਦੇ ਮਾਲਕ ਪ੍ਰੀਤਮ ਸਿੰਘ ਨੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਧੱਕੇਸ਼ਾਹੀ ਕਰਦੇ ਹੋਏ ਉਸ ਦੇ ਮੈਡੀਕਲ ਸਟੋਰ ਦੀ ਤਲਾਸ਼ੀ ਲਈ ਅਤੇ ਉਸਦਾ ਸਮਾਨ ਖਿਲਾਰਿਆ। ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਨ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਟੱਲੇਵਾਲ ਦੀ ਪੁਲਿਸ ਟੀਮ ਥਾਣੇਦਾਰ ਮਲਕੀਤ ਸਿੰਘ ਦੀ ਅਗਵਾਈ ਹੇਠ ਪੁੱਜੀ ਜਿਸ ਤੋਂ ਬਾਅਦ ਪਿੰਡ ਦਾ ਮਾਹੌਲ ਕੁਝ ਸ਼ਾਂਤ ਹੋਇਆ। ਥਾਣੇਦਾਰ ਮਲਕੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਸਬੰਧੀ ਦੋਵੇਂ ਤਰ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਪੜ੍ਹਤਾਲ ਕਰਕੇ ਅਗਲੀ ਬਣਦੀ ਕਾਰਵਾਈ ਕੀਤੀ ਜਾਵੇਗੀ।
ਫੋਟੋ ਕੈਪਸ਼ਨ- ਜਾਣਕਾਰੀ ਦੇਣ ਸਮੇਂ ਇਕੱਠੇ ਹੋਏ ਪਿੰਡ ਵਾਸੀ