ਬਰਨਾਲਾ,14 ਅਗਸਤ ( ਨਿਰਮਲ ਸਿੰਘ ਪੰਡੋਰੀ )-ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਨੇ 14 ਅਗਸਤ ਤੋਂ 16 ਅਗਸਤ ਤੱਕ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ ਵਾਪਸ ਲੈਂਦਿਆਂ ਹੜਤਾਲ ਮੁਲਤਵੀ ਕਰ ਦਿੱਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਦੀ ਮੁੱਖ ਮੰਤਰੀ ਨਾਲ ਪੈਨਲ ਬੈਠਕ ਕਰਵਾਉਣ ਦੇ ਦਿੱਤੇ ਭਰੋਸੇ ਉਪਰੰਤ ਹੜਤਾਲ ਰੱਦ ਕੀਤੀ ਗਈ ਹੈ। ਦੁਨੀਆਂ ਦੇ ਆਗੂਆਂ ਨੇ ਕਿਹਾ ਕਿ ਜੇ ਮੁੱਖ ਮੰਤਰੀ ਨਾਲ ਬੈਠਕ ’ਚ ਕੋਈ ਨਤੀਜਾ ਨਾ ਨਿਕਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਤਿੰਨ ਦਿਨ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਸੀ, ਜਿਸ ਨਾਲ ਪੰਜਾਬ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ ਕਿਉਂਕਿ ਲੱਗਭੱਗ 8 ਹਜ਼ਾਰ ਤੋਂ ਵੱਧ ਕੱਚੇ ਕਰਮਚਾਰੀਆਂ ਦੇ ਹੜਤਾਲ ’ਤੇ ਚਲੇ ਜਾਣ ਕਾਰਨ ਬੱਸਾਂ ਦੀ ਸਰਵਿਸ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਣੀ ਸੀ। ਦੂਜੇ ਪਾਸੇ ਪੀਆਰਟੀਸੀ ਅਦਾਰੇ ਵੱਲੋਂ ਨੋਟਿਸ ਜਾਰੀ ਕਰਦਿਆਂ ਰੈਗੂਲਰ ਕਰਮਚਾਰੀਆਂ ਨੂੰ ਇਨ੍ਹਾਂ ਹੜਤਾਲੀ ਮੁਲਾਜ਼ਮਾਂ ਦਾ ਸਾਥ ਦੇਣ ’ਤੇ ਸਖਤ ਕਾਰਵਾਈ ਕਰਨ ਦਾ ਦਬਕਾ ਵੀ ਮਾਰਿਆ ਗਿਆ ਸੀ ਅਤੇ ਇਨ੍ਹਾਂ ਕੱਚੇ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਕਰਦਿਆਂ ਇਕਰਾਰਨਾਮਾ ਰੱਦ ਕਰਨ ਦੀ ਧਮਕੀ ਵੀ ਦਿੱਤੀ ਸੀ।
