ਬਰਨਾਲਾ,18 ਨਵੰਬਰ ( ਨਿਰਮਲ ਸਿੰਘ ਪੰਡੋਰੀ)- ਪੰਜਾਬ ਦੇ ਡੀਜੀਪੀ ਨੇ ਬਰਨਾਲਾ ਦੇ ਐਸਐਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਹੈ। ਡੀਜੀਪੀ ਸ੍ਰੀ ਗੌਰਵ ਯਾਦਵ ਨੇ ਬਰਨਾਲਾ ਜ਼ਿਲ੍ਹੇ ਦੇ ਐਸਐਸਪੀ ਸ੍ਰੀ ਸੰਦੀਪ ਕੁਮਾਰ ਮਲਿਕ ਨੂੰ ਨੋਟਿਸ ਜਾਰੀ ਕਰਕੇ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਨਾਲ-ਨਾਲ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਬਠਿੰਡਾ, ਫਰੀਦਕੋਟ, ਫਾਜਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਉਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਸੂਬੇ ਦੇ 9 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਉਨਾਂ ਦੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਸੰਬੰਧੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬਰਨਾਲਾ ਦੇ ਡੀਸੀ ਤੇ ਐਸਐਸਪੀ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਲੋਕਾਂ ਨੂੰ ਖੇਤਾਂ ਵਿੱਚ ਜਾ ਕੇ ਪ੍ਰੇਰਿਤ ਕੀਤਾ ਪ੍ਰੰਤੂ ਇਸ ਦੇ ਬਾਵਜੂਦ ਵੀ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਪ੍ਰਸ਼ਾਸਨ ਨੂੰ ਸਹਿਯੋਗ ਨਹੀਂ ਕੀਤਾ ਗਿਆ ਜਿਸ ਕਾਰਨ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਵੱਧਦੇ ਮਾਮਲਿਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟਿਸ ਜਾਰੀ ਹੋਏ ਹਨ।