ਸਾਹਿਬਜ਼ਾਦਿਆਂ ਦੀ ਸ਼ਹਾਦਤ ਚੜ੍ਹਦੀ ਕਲਾ ਦਾ ਪ੍ਰਤੀਕ
- ਚੰਡੀਗੜ੍ਹ,23 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਸਬੰਧੀ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਫੈਸਲੇ ‘ਤੇ ਆਮ ਲੋਕਾਂ ਵੱਲੋਂ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ 27 ਦਸੰਬਰ ਨੂੰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਮਿੱਤ ਸੋਗ ਵਜੋਂ 10 ਮਿੰਟ ਮਾਤਮੀ ਬਿਗਲ ਵਜਾਇਆ ਜਾਵੇ। ਮੁੱਖ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੱਖ-ਵੱਖ ਰਾਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਨਾਂ ਵਿੱਚ ਮੁੱਖ ਮੰਤਰੀ ਦੇ ਇਸ ਫੈਸਲੇ ਨੂੰ ਸਿੱਖੀ ਸਿਧਾਂਤਾਂ ਦੇ ਵਿਰੁੱਧ ਮੰਨਿਆ ਜਾ ਰਿਹਾ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਗੁਰਮਤਿ ਮਰਿਆਦਾ ਦੇ ਉਲਟ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਸ੍ਰੀ ਭਗਵੰਤ ਮਾਨ ਦਾ ਫੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਛੁਟਆਉਂਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।