ਲੁਧਿਆਣਾ,28 ਜਨਵਰੀ- ਲੁਧਿਆਣਾ ਵਿਖੇ ਤਰਕਸ਼ੀਲ ਸੁਸਾਇਟੀ ਦੇ ਇੱਕ ਆਗੂ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ-3 ਵਿੱਚ ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੌਧਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੂੰ ਆਪਣੇ ਬਿਆਨਾਂ ਵਿੱਚ ਰਾਜੀਵ ਟੰਡਨ ਨੇ ਲਿਖਵਾਇਆ ਹੈ ਕਿ ਸੁਰਜੀਤ ਸਿੰਘ ਦੌਧਰ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਅਯੁੱਧਿਆ ਵਿਖੇ ਸ੍ਰੀ ਰਾਮ ਮੰਦਰ ਦੀ ਬਨਾਵਟ ਅਤੇ ਮੂਰਤੀ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਸੁਰਜੀਤ ਸਿੰਘ ਦੌਧਰ ਨੇ ਹਿੰਦੂ ਧਰਮ ਦੇ ਦੇਵਤਾ ਨੂੰ ਅਪਮਾਨਿਤ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਦੌਧਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 295-ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।