ਚੰਡੀਗੜ੍ਹ,2 ਫਰਵਰੀ, Gee98 news service
ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਈਡੀ ਨੇ ਸ੍ਰੀ ਕੇਜਰੀਵਾਲ ਨੂੰ ਪੰਜਵਾਂ ਸੰਮਨ ਭੇਜਦੇ ਹੋਏ ਅੱਜ ਦੇ ਦਿਨ ਪੇਸ਼ ਹੋਣ ਲਈ ਬੁਲਾਇਆ ਸੀ ਪ੍ਰੰਤੂ ਸ੍ਰੀ ਕੇਜਰੀਵਾਲ ਨੇ ਉਹਨਾਂ ਦੇ ਖ਼ਿਲਾਫ਼ ਕੱਢੇ ਜਾ ਰਹੇ ਸੰਮਨਾਂ ਨੂੰ ਗ਼ੈਰ ਕਾਨੂੰਨੀ ਕਰਾਰ ਦਿੰਦੇ ਹੋਏ ਈਡੀ ਸਾਹਮਣੇ ਪੇਸ਼ ਨਾ ਹੋਣ ਦੀ ਗੱਲ ਕਹੀ ਹੈ। ਅਰਵਿੰਦ ਕੇਜਰੀਵਾਲ ਵੱਲੋਂ ਵਾਰ-ਵਾਰ ਈਡੀ ਦੇ ਸੰਮਨਾਂ ਨੂੰ ਅੱਖੋਂ ਪਰੋਖੇ ਕਰਨ ਕਰਕੇ ਹਾਲਾਤ ਕੁਝ ਇਸ ਤਰ੍ਹਾਂ ਦੇ ਬਣਦੇ ਜਾ ਰਹੇ ਹਨ ਕਿ ਈਡੀ ਝਾਰਖੰਡ ਦੇ ਮੁੱਖ ਮੰਤਰੀ ਵਾਂਗ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਵੀ ਕਰ ਸਕਦੀ ਹੈ। ਜ਼ਿਕਰਯੋਗ ਹੈ ਕਿ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਨੇ ਵਾਰ-ਵਾਰ ਸੰਮਨ ਕੱਢ ਕੇ ਬੁਲਾਇਆ ਪ੍ਰੰਤੂ ਜਦ ਉਹ ਪੇਸ਼ ਨਹੀਂ ਹੋਏ ਤਾਂ ਈਡੀ ਨੇ ਉਹਨਾਂ ਕੋਲ ਜਾ ਕੇ ਪੁੱਛਗਿੱਛ ਕੀਤੀ ਅਤੇ ਉਸ ਤੋਂ ਬਾਅਦ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮਾਹਿਰਾਂ ਅਨੁਸਾਰ ਕੇਜਰੀਵਾਲ ਦੇ ਖ਼ਿਲਾਫ਼ ਵੀ ਈਡੀ ਦੀ ਯੋਜਨਾ ਇਸੇ ਕਦਮ ਵੱਲ ਵਧ ਰਹੀ ਹੈ। ਹੁਣ ਜੇਕਰ ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਵਾਰ-ਵਾਰ ਬੁਲਾਉਣ ਦੇ ਬਾਵਜੂਦ ਵੀ ਪੇਸ਼ ਨਹੀਂ ਹੁੰਦੇ ਤਾਂ ਈਡੀ ਉਹਨਾਂ ਦੇ ਘਰ ਜਾ ਕੇ ਪੁੱਛਗਿੱਛ ਕਰ ਸਕਦੀ ਹੈ ਅਤੇ ਉਸ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਪ੍ਰਕਿਰਿਆ ਵੀ ਅਪਣਾ ਸਕਦੀ ਹੈ। ਚਰਚਾ ਇਹ ਵੀ ਹੈ ਕਿ ਕੇਜਰੀਵਾਲ ਦੇ ਖ਼ਿਲਾਫ਼ ਈਡੀ ਦੇ ਸੰਮਨ “ਹਾਥੀ ਦੇ ਦੰਦਾਂ” ਵਾਲੀ ਕਹਾਵਤ ਵਾਂਗ ਹਨ ਭਾਵ ਕਿ ਭਾਜਪਾ ਲੋਕ ਸਭਾ ਚੋਣਾਂ ਦੇ ਸੰਦਰਭ ਵਿੱਚ ਅਰਵਿੰਦ ਕੇਜਰੀਵਾਲ ਨੂੰ ਕਾਂਗਰਸ ਦੇ ਮੁਕਾਬਲੇ ‘ਚ ਖੜਾ ਕਰਨ ਦੇ ਲਈ ਇੱਕ ਵਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਗ੍ਰਿਫ਼ਤਾਰ ਕਰੇਗੀ। ਸਿਆਸੀ ਮਾਹਿਰ ਇਹ ਮੰਨ ਕੇ ਚੱਲ ਰਹੇ ਹਨ ਕਿ ਕੇਜਰੀਵਾਲ ਦੀ ਗ੍ਰਿਫਤਾਰੀ ਸੰਭਵ ਹੈ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋ ਜਾਵੇਗੀ ਤਾਂ ਜੋ ਦੇਸ਼ ਦੇ ਰਾਜਨੀਤਿਕ ਮੁਹਾਜ ‘ਤੇ ਲੋਕ ਸਭਾ ਚੋਣਾਂ ਦੇ ਸੰਦਰਭ ਵਿੱਚ ਕਾਂਗਰਸ ਦੇ ਬਰਾਬਰ ਕੇਜਰੀਵਾਲ ਦੀ ਵੀ ਚਰਚਾ ਹੋਵੇ। ਉੰਝ ਭਾਵੇਂ ਚੋਣ ਮੈਦਾਨ ‘ਚ ਆਮ ਆਦਮੀ ਪਾਰਟੀ ਦੀ ਸਥਿਤੀ ਭਾਜਪਾ ਦੇ ਮੁਕਾਬਲੇ ਵਿੱਚ ਨਹੀਂ ਹੈ ਪ੍ਰੰਤੂ ਕਾਂਗਰਸ ਦੀ ਸਿਆਸੀ ਸਥਿਤੀ ਨੂੰ ਤਾਰਪੀਡੋ ਕਰਨ ਦੀ ਖਾਤਰ ਭਾਜਪਾ ਕੇਜਰੀਵਾਲ ਦੀ ਗ੍ਰਿਫਤਾਰੀ ਦੀ ਖੇਡ, ਖੇਡ ਸਕਦੀ ਹੈ। ਇਸ ਲਈ ਆਉਣ ਵਾਲੇ ਦਿਨਾਂ ਚ ਜੇਕਰ ਕੇਜਰੀਵਾਲ ਦੀ ਗ੍ਰਿਫਤਾਰੀ ਹੁੰਦੀ ਹੈ ਤਾਂ ਇਹ ਕੋਈ ਬਹੁਤੀ ਵੱਡੀ ਹੈਰਾਨੀਜਨਕ ਸਿਆਸੀ ਘਟਨਾ ਨਹੀਂ ਹੋਵੇਗੀ।