ਚੰਡੀਗੜ੍ਹ,18 ਫਰਵਰੀ, Gee98 news service
ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸਬੰਧੀ ਫੇਕ ਨਿਊਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲਾ ਵਿਅਕਤੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਰੀਬੀ ਹੀ ਨਿਕਲਿਆ। ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈਲ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਇਹ ਵਿਅਕਤੀ ਤੇਜਿੰਦਰ ਗਰੇਵਾਲ ਲੁਧਿਆਣਾ ਦਾ ਰਹਿਣ ਵਾਲਾ ਹੈ ਜਿਸ ਦੇ ਖ਼ਿਲਾਫ਼ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਤੇਜਿੰਦਰ ਗਰੇਵਾਲ ਦਾ ਸੋਸ਼ਲ ਮੀਡੀਆ ਰਿਕਾਰਡ ਕੱਢਿਆ ਜਾਵੇ ਤਾਂ ਉਸਦੀਆਂ ਬਹੁਤੀਆਂ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹਨ। ਜ਼ਿਕਰਯੋਗ ਹੈ ਕਿ ਤੇਜਿੰਦਰ ਗਰੇਵਾਲ ਨੇ ਇੱਕ ਰੋਜ਼ਾਨਾ ਪੰਜਾਬੀ ਅਖਬਾਰ ਦਾ ਟਾਈਟਲ ਜੋੜ ਕੇ ਇਹ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਸੀ ਕਿ “ਪੰਜਾਬ ਬਚਾਓ ਯਾਤਰਾ ਨੂੰ ਫੇਲ ਕਰਨ ਲਈ ਕਿਸਾਨ ਧਰਨਾ ਲਗਾ ਰਹੇ ਹਨ”। ਉਸ ਨੇ ਇਹ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਮ ਹੇਠ ਵਾਇਰਲ ਕੀਤੀ ਸੀ। ਐਡਵੋਕੇਟ ਕਲੇਰ ਨੇ ਕਿਹਾ ਕਿ ਇਹ ਬਿਲਕੁਲ ਫੇਕ ਨਿਊਜ਼ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਯਾਤਰਾ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸਮਰਥਨ ਦੇਣ ਲਈ ਮੁਲਤਵੀ ਕੀਤੀ ਹੈ। ਐਡਵੋਕੇਟ ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਆਈਟੀ ਵਿੰਗ ਸ਼੍ਰੋਮਣੀ ਅਕਾਲੀ ਦਲ ਤੇ ਉਸਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੇ ਲਈ ਝੂਠੀਆਂ ਤੇ ਜਾਅਲੀ ਖ਼ਬਰਾਂ ਫੈਲਾ ਰਿਹਾ ਹੈ।