ਚੰਡੀਗੜ੍ਹ,7 ਅਪ੍ਰੈਲ, Gee98 news service
-ਸੋਸ਼ਲ ਮੀਡੀਆ ‘ਤੇ ਆਪਣੀ ਹੀ ਸਰਕਾਰ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲਣ ਵਾਲੇ ਅੰਮ੍ਰਿਤਸਰ ਉੱਤਰੀ ਹਲਕੇ ਦੇ ਵਿਧਾਇਕ ਕੁੰਵਰ ਵਿਜੇਪ੍ਰਤਾਪ ਸਿੰਘ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਮੀਟਿੰਗਾਂ ਤੋਂ ਵੀ ਦੂਰੀ ਬਣਾ ਲਈ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿਖੇ ਅੰਮ੍ਰਿਤਸਰ ਦੇ ਵਿਧਾਇਕਾਂ ਅਤੇ ਦੋ ਹਲਕਾ ਇੰਚਾਰਜਾਂ ਨਾਲ ਹੋਈ ਮੀਟਿੰਗ ਵਿੱਚ ਵਿਧਾਇਕ ਕੁੰਵਰ ਵਿਜੇਪ੍ਰਤਾਪ ਸਿੰਘ ਸ਼ਾਮਿਲ ਨਹੀਂ ਹੋਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਬਾਅਦ ਵਾਪਰੇ ਗੋਲੀਕਾਂਡ ਸਬੰਧੀ ਕੁੰਵਰ ਵਿਜੇਪ੍ਰਤਾਪ ਸਿੰਘ ਆਪਣੀ ਹੀ ਸਰਕਾਰ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਘੇਰਦੇ ਆ ਰਹੇ ਹਨ। ਹੁਣ ਮੁੱਖ ਮੰਤਰੀ ਵੱਲੋਂ ਬੁਲਾਈ ਮੀਟਿੰਗ ਵਿੱਚ ਸ਼ਾਮਿਲ ਨਾ ਹੋ ਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਵੀ ਧਿਆਨਦੇਣ ਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਸੋਸ਼ਲ ਮੀਡੀਆ ‘ਤੇ ਵੀ ਚੁੱਪ ਵੱਟੀ ਬੈਠੇ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਚੋਣ ਪ੍ਰਚਾਰ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕੇ ਵਿੱਚ ਜਦ ਆਮ ਆਦਮੀ ਪਾਰਟੀ ਦੀਆਂ ਸਰਗਰਮੀਆਂ ਸ਼ੁਰੂ ਹੋਣਗੀਆਂ ਤਾਂ ਉਹਨਾਂ ਦਾ ਰਵੱਈਆ ਕਿਹੋ ਜਿਹਾ ਹੋਵੇਗਾ। ਕੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਆਪਣੇ ਹਲਕੇ ‘ਚ ਪਾਰਟੀ ਸਰਗਰਮੀਆਂ ਦੀ ਅਗਵਾਈ ਕਰਨਗੇ ਜਾਂ ਮੁੱਖ ਮੰਤਰੀ ਦੀ ਮੀਟਿੰਗ ਵਾਂਗ ਆਪਣੇ ਹਲਕੇ ਦੀਆਂ ਰੈਲੀਆਂ ਨੂੰ ਅੱਖੋਂ ਪਰੋਖੇ ਕਰਨਗੇ ?