ਚੰਡੀਗੜ੍ਹ,25 ਅਪ੍ਰੈਲ, Gee98 news service
-ਪੰਜਾਬ ‘ਚ ਜੇਕਰ ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਦੀ ਗੱਲ ਕੀਤੀ ਜਾਵੇ ਤਾਂ ਹਾੜੀ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਵੱਡੀਆਂ-ਛੋਟੀਆਂ ਰੈਲੀਆਂ ਕਰਨ ਦਾ ਅਜੇ ਕਿਸੇ ਵੀ ਪਾਰਟੀ ਨੇ ਕੋਈ ਪ੍ਰੋਗਰਾਮ ਨਹੀਂ ਉਲੀਕਿਆ। ਪੰਜਾਬ ‘ਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਅਜੇ ਆਪਣੇ ਆਗੂਆਂ/ਵਰਕਰਾਂ ਦੀਆਂ ਚੋਣ ਮੀਟਿੰਗਾਂ ਹੀ ਕੀਤੀਆਂ ਜਾ ਰਹੀਆਂ ਹਨ। ਹਾੜੀ ਦੀ ਵਾਢੀ ਦੇ ਸੀਜ਼ਨ ਵਿੱਚ ਰੁੱਝੇ ਪੰਜਾਬ ਦੇ ਲੋਕਾਂ ਦਾ ਵੀ ਅਜੇ ਚੋਣਾਂ ਵੱਲ ਬਹੁਤਾ ਧਿਆਨ ਨਹੀਂ ਹੈ। ਸੂਬੇ ‘ਚ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਪਾਰਟੀਆਂ ਨੇ ਤਾਂ ਅਜੇ ਸਾਰੀਆਂ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਨਹੀਂ ਕੀਤਾ ਹੈ। ਆਮ ਆਦਮੀ ਪਾਰਟੀ ਉਮੀਦਵਾਰਾਂ ਦੀ ਚੋਣ ਦੇ ਮਾਮਲੇ ਵਿੱਚ ਵਿਰੋਧੀ ਪਾਰਟੀਆਂ ਤੋਂ ਬਾਜ਼ੀ ਮਾਰ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਾਵਾਈਜ਼ ਸਮਾਗਮ ਵੀ ਵਿੱਢ ਦਿੱਤੇ ਗਏ ਹਨ ਜਦ ਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ, ਬਸਪਾ, ਖੱਬੇ ਪੱਖੀਆਂ ਵੱਲੋਂ ਕੁਝ ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਮੰਥਨ ਨਹੀਂ ਕੀਤਾ ਜਾ ਰਿਹਾ ਹੈ। ਮੰਨਿਆ ਜਾ ਰਿਹਾ ਕਿ ਜਦੋਂ ਤੱਕ ਵਿਰੋਧੀ ਪਾਰਟੀਆਂ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰਨਗੀਆਂ ਉਦੋਂ ਤੱਕ ਸੱਤਾਧਾਰੀ ਆਮ ਆਦਮੀ ਪਾਰਟੀ ਆਪਣੇ ਚੋਣ ਪ੍ਰਚਾਰ ਦਾ ਪਹਿਲਾ ਰਾਊਂਡ ਪੂਰਾ ਕਰ ਲਵੇਗੀ। ਭਾਵੇਂ ਕਿ ਪੰਜਾਬ ਦੇ ਕੁਝ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਸੱਤਾ ਸਬੰਧੀ ਨਾਰਾਜ਼ਗੀ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਰੰਤੂ ਸਾਰੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਕੇ ਸੱਤਾਧਾਰੀ ਪਾਰਟੀ ਨੇ ਆਪਣੀ ਮੁਢਲੀ ਪ੍ਰਕਿਰਿਆ ਪੂਰੀ ਕਰ ਲਈ ਹੈ, ਜਦਕਿ ‘ਆਪ’ ਵਿਰੋਧੀ ਪਾਰਟੀਆਂ ਉਮੀਦਵਾਰਾਂ ਦੇ ਐਲਾਨ ਦੇ ਮਾਮਲੇ ਵਿੱਚ ‘ਆਪ’ ਤੋਂ ਪਛੜ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੀਆਂ ਬਾਕੀ ਬਚਦੀਆਂ ਸੀਟਾਂ ਉੱਪਰ ਇਹਨਾਂ ਪਾਰਟੀਆਂ ਨੂੰ ਆਪਣੇ ਸਥਾਨਕ ਆਗੂਆਂ ਦੀ ਆਪਸੀ ਵਿਰੋਧਤਾ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਜੋ ਵਿਰੋਧੀ ਪਾਰਟੀਆਂ ਲਈ ਸ਼ੁਭ ਸੰਕੇਤ ਨਹੀਂ ਹੈ। ਬਹਰਹਾਲ! ਪੰਜਾਬ ‘ਚ ਚੋਣਾਂ ਦੇ ਨਤੀਜੇ ਬਾਰੇ ਤਾਂ ਅਜੇ ਕੁਝ ਵੀ ਨਹੀਂ ਕਿਹਾ ਜਾ ਸਕਦਾ ਪਰ ਉਮੀਦਵਾਰਾਂ ਦੀ ਚੋਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਡੇਢ ਨੰਬਰ ਜਰੂਰ ਲੈ ਗਈ ਹੈ।