ਚੰਡੀਗੜ੍ਹ,13 ਜੂਨ, Gee98 news service
-1984 ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨਾਲ ਸੰਪਰਕ ਰੱਖਣ ਦੇ ਦੋਸ਼ਾਂ ਤਹਿਤ ਬਰਖਾਸਤ ਕੀਤੇ ਗਏ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਅਪੀਲ ‘ਤੇ 40 ਸਾਲਾਂ ਬਾਅਦ ਹਾਈਕੋਰਟ ਨੇ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਕਾਂਸਟੇਬਲ ਜਸਵਿੰਦਰ ਸਿੰਘ ਦੀ ਬਰਖਾਸਤਗੀ ਨੂੰ ਬਰਕਰਾਰ ਰੱਖਿਆ ਹੈ। ਪੰਜਾਬ ਸਰਕਾਰ ਦਾ ਦੋਸ਼ ਸੀ ਕਿ ਕਾਂਸਟੇਬਲ ਨੇ ਖਾੜਕੂਵਾਦ ਦੇ ਸਮੇਂ ਦੌਰਾਨ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ ਦੋ ਪਿਸਤੌਲ ਲਏ ਸਨ ਜਿਨਾਂ ਵਿੱਚੋਂ ਇੱਕ ਕਿਸੇ ਗਰਮਖਿਆਲੀ ਨੂੰ ਦਿੱਤਾ ਗਿਆ ਸੀ ਤੇ ਦੂਜਾ ਨਹਿਰ ਵਿੱਚ ਸੁੱਟ ਦਿੱਤਾ ਸੀ। ਆਪਣੀ ਬਰਖਾਸਤਗੀ ਨੂੰ ਜਸਵਿੰਦਰ ਸਿੰਘ ਨੇ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ ਅਤੇ ਹੇਠਲੀ ਅਦਾਲਤ ਨੇ ਜਸਵਿੰਦਰ ਸਿੰਘ ਦੀ ਬਰਖਾਸਤਗੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਜਿਸ ਤੋਂ ਬਾਅਦ ਸਰਕਾਰ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਰਾਜ ਦੀ ਜਨਤਕ ਵਿਵਸਥਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਬਰਖਾਸਤਗੀ ਸਬੰਧੀ ਕਾਨੂੰਨੀ ਕਾਰਵਾਈ ਠੀਕ ਸੀ ਦੂਜੇ ਪਾਸੇ ਜਸਵਿੰਦਰ ਸਿੰਘ ਨੇ ਦਲੀਲ ਦਿੱਤੀ ਕਿ ਉਸ ਨੂੰ ਬਰਖਾਸਤ ਕਰਨ ਵੇਲੇ ਵਿਭਾਗੀ ਜਾਂਚ ਨਹੀਂ ਕਰਵਾਈ ਗਈ ਜੋ ਸੰਵਿਧਾਨ ਦੀ ਧਾਰਾ 311(2) ਤਹਿਤ ਲਾਜ਼ਮੀ ਸੀ। ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਲਗਭਗ 40 ਸਾਲ ਬਾਅਦ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਜਸਵਿੰਦਰ ਸਿੰਘ ਦੀ ਬਰਖਾਸਤਗੀ ਦੇ ਹੁਕਮ ਬਰਕਰਾਰ ਰੱਖੇ ਹਨ।