ਬਰਨਾਲਾ, 4 ਨਵੰਬਰ, ( ਨਿਰਮਲ ਸਿੰਘ ਪੰਡੋਰੀ )-
-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਨੇ ਜ਼ਿਮਨੀ ਚੋਣਾਂ ਦੌਰਾਨ ਬਰਨਾਲਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਦੱਸਿਆ ਕਿ 8 ਨਵੰਬਰ ਨੂੰ ਬਰਨਾਲਾ ਵਿਖੇ ਸਰਕਾਰ ਦੇ ਖ਼ਿਲਾਫ਼ ਇੱਕ ਵੱਡਾ ਇਕੱਠ ਕੀਤਾ ਜਾਵੇਗਾ ਜਿਸ ਵਿੱਚ ਸੂਬਾ ਕਮੇਟੀ ਵੀ ਸ਼ਾਮਿਲ ਹੋਵੇਗੀ। ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਤਰੀ ਪੱਧਰ ਤੱਕ ਦੀ ਮੀਟਿੰਗ ਵਿੱਚ ਵੀ ਯੂਨੀਅਨ ਨੂੰ ਵਾਰ-ਵਾਰ ਲਾਰੇ ਲਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਕੁਝ ਮੰਗਾਂ ਅਜਿਹੀਆਂ ਹਨ ਜਿਨਾਂ ਨੂੰ ਪੂਰੀਆਂ ਕਰਨ ਸਬੰਧੀ ਸਰਕਾਰ ਹਾਂ ਪੱਖੀ ਹੁੰਗਾਰਾ ਭਰਦੀ ਹੈ ਪਰ ਮੰਗਾ ਪੂਰੀਆਂ ਕਰਨ ਸਬੰਧੀ ਅੱਜ ਤੱਕ ਸਰਕਾਰ ਵੱਲੋਂ ਕੋਈ ਯਤਨ ਤੱਕ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਮੁਲਾਜ਼ਮਾਂ ਵਿੱਚ ਸਰਕਾਰ ਪ੍ਰਤੀ ਡਾਹਢਾ ਰੋਸ ਹੈ ਅਤੇ ਇਹਨਾਂ ਜ਼ਿਮਨੀ ਚੋਣਾਂ ਵਿੱਚ ਮੰਗਾਂ ਪ੍ਰਤੀ ਵਾਰ ਵਾਰ ਵਾਅਦੇ ਕਰਕੇ ਮੁੱਕਰ ਰਹੀ ਸਰਕਾਰ ਨੂੰ “ਸ਼ੀਸ਼ਾ” ਦਿਖਾਇਆ ਜਾਵੇਗਾ। ਉਕਤ ਆਗੂਆਂ ਨੇ ਕਿਹਾ ਕਿ ਆਂਗਣਵਾੜੀ ਮੁਲਾਜ਼ਮਾਂ ਦੀਆਂ ਕਈ ਵਰ੍ਹਿਆਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਵਾਉਣ ਲਈ ਹੁਣ ਸਰਕਾਰ ਦੇ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾਵੇਗੀ। ਪ੍ਰਧਾਨ ਕੌਰ ਅਤੇ ਚੰਦ ਸਕੱਤਰ ਰਵਿੰਦਰ ਬਾਵਾ ਨੇ ਆਂਗਣਵਾੜੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ 8 ਨਵੰਬਰ ਦੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਸਰਕਾਰ ਨੂੰ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਮਜ਼ਬੂਰ ਕੀਤਾ ਜਾ ਸਕੇ।