ਚੰਡੀਗੜ੍ਹ,12 ਅਪ੍ਰੈਲ, Gee98 News service
-ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਲਵੀਰ ਸਿੰਘ ਗੋਲਡੀ ਨੇ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਗੋਲਡੀ ਨੂੰ ਮੁੜ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ। ਦਲਵੀਰ ਸਿੰਘ ਗੋਲਡੀ ਨੇ ਲੋਕ ਸਭਾ ਚੋਣਾਂ ਲਈ ਸੰਗਰੂਰ ਹਲਕੇ ਤੋਂ ਟਿਕਟ ਦੀ ਮੰਗ ਕੀਤੀ ਸੀ ਪ੍ਰੰਤੂ ਕਾਂਗਰਸ ਪਾਰਟੀ ਨੇ ਟਿਕਟ ਸੁਖਪਾਲ ਸਿੰਘ ਖਹਿਰਾ ਨੂੰ ਦੇ ਦਿੱਤੀ ਸੀ ਜਿਸ ਤੋਂ ਬਾਅਦ ਗੋਲਡੀ ਨੇ ਕਾਂਗਰਸ ਹਾਈ ਕਮਾਂਡ ਨਾਲ ਨਾਰਾਜ਼ ਹੋ ਕੇ ਝਾੜੂ ਚੁੱਕ ਲਿਆ ਸੀ। ਗੋਲਡੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ‘ਚ ਸ਼ਾਮਿਲ ਕੀਤਾ ਸੀ ਪ੍ਰੰਤੂ ਥੋੜੇ ਸਮੇਂ ‘ਚ ਹੀ ਗੋਲਡੀ ਦਾ ਆਮ ਆਦਮੀ ਪਾਰਟੀ ਤੋਂ ਵੀ ਮੋਹ ਭੰਗ ਹੋ ਗਿਆ ਅਤੇ ਹੁਣ ਪਿਛਲੇ ਕਾਫੀ ਸਮੇਂ ਤੋਂ ਗੋਲਡੀ ਦੀ ਘਰ ਵਾਪਸੀ ਦੀ ਚਰਚਾ ਚੱਲ ਰਹੀ ਸੀ। ਕੁਝ ਸਮਾਂ ਪਹਿਲਾਂ ਵੀ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਦਲਵੀਰ ਸਿੰਘ ਗੋਲਡੀ ਨੂੰ ਕਾਂਗਰਸ ਸ਼ਾਮਿਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਸੀ ਪਰੰਤੂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗੋਲਡੀ ਦੀ ਘਰ ਵਾਪਸੀ ‘ਤੇ ਰੋਕ ਲਗਾ ਦਿੱਤੀ ਸੀ। ਮੰਨਿਆ ਜਾ ਰਿਹਾ ਕਿ ਅੱਜਕੱਲ੍ਹ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਨੇੜਤਾ ਕਾਰਨ ਗੋਲਡੀ ਦੀ ਘਰ ਵਾਪਸੀ ਸੰਭਵ ਹੋਈ ਹੈ।