ਚੰਡੀਗੜ੍ਹ,27 ਅਪ੍ਰੈਲ, Gee98 News service
-ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਲੱਗੇ ਕਿਸਾਨ ਮੋਰਚੇ ਨੂੰ ਪੰਜਾਬ ਸਰਕਾਰ ਵੱਲੋਂ ਜਬਰਦਸਤੀ ਚੁੱਕੇ ਜਾਣ ਤੋਂ ਬਾਅਦ ਰੋਸ ਵਿਚ ਆਏ ਸੰਯੁਕਤ ਕਿਸਾਨ ਮੋਰਚੇ (ਗ਼ੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਨੇ ਹੁਣ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਮੱਥੇ ਲੱਗਣ ਤੋਂ ਵੀ ਨਾਂਹ ਕਰ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ (ਗੈਰ ਰਾਜਨੀਤਿਕ) ਨੇ ਕੇਂਦਰ ਸਰਕਾਰ ਨੂੰ ਇੱਕ ਚਿੱਠੀ ਲਿਖੀ ਹੈ ਕਿ 4 ਮਈ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਚੰਡੀਗੜ੍ਹ ਵਿਖੇ ਹੋਣ ਵਾਲੀ ਪ੍ਰਸਤਾਵਿਤ ਮੀਟਿੰਗ ਵਿਚ ਪੰਜਾਬ ਦੇ ਮੰਤਰੀਆਂ ਨੂੰ ਸ਼ਾਮਿਲ ਨਾ ਕੀਤਾ ਜਾਵੇ। ਕਿਸਾਨ ਆਗੂਆਂ ਨੇ ਆਪਣੀ ਚਿੱਠੀ ਵਿੱਚ ਇਹ ਵੀ ਲਿਖਿਆ ਹੈ ਕਿ ਜੇਕਰ 4 ਮਈ ਦੀ ਕਿਸਾਨਾਂ ਅਤੇ ਕੇਂਦਰ ਸਰਕਾਰ ਦੀ ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਸ਼ਾਮਿਲ ਹੁੰਦੇ ਹਨ ਤਾਂ ਕਿਸਾਨ ਇਸ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ। 4 ਮਈ ਦੀ ਮੀਟਿੰਗ ਵਿੱਚ ਪੰਜਾਬ ਦੇ ਮੰਤਰੀਆਂ ਨੂੰ ਸ਼ਾਮਿਲ ਨਾ ਕਰਨ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ 19 ਮਾਰਚ ਨੂੰ ਮੀਟਿੰਗ ਤੋਂ ਬਾਅਦ ਜ਼ਬਰਦਸਤੀ ਮੋਰਚੇ ਨੂੰ ਹਟਾਉਣ ਅਤੇ ਕਿਸਾਨ ਆਗੂਆਂ ਨੂੰ ਜੇਲਾਂ ਵਿੱਚ ਬੰਦ ਕਰਨ ਦੀ ਪੰਜਾਬ ਸਰਕਾਰ ਦੇ ਕਾਰਵਾਈ ਦੇ ਕਾਰਨ ਕਿਸਾਨਾਂ ਵਿੱਚ ਰੋਸ ਹੈ ਜਿਸ ਕਰਕੇ ਉਹ ਪੰਜਾਬ ਸਰਕਾਰ ਦੇ ਕਿਸੇ ਮੰਤਰੀ ਨਾਲ ਕਿਸੇ ਵੀ ਪਲੇਟਫਾਰਮ ‘ਤੇ ਗੱਲ ਹੀ ਨਹੀਂ ਕਰਨਾ ਚਾਹੁੰਦੇ। ਕਿਸਾਨ ਆਗੂਆਂ ਨੇ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਜਲਦੀ ਜਾਣਕਾਰੀ ਦਿੱਤੀ ਜਾਵੇ ਕਿ 4 ਮਈ ਦੀ ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਸ਼ਾਮਿਲ ਹੋਣਗੇ ਜਾਂ ਨਹੀਂ, ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ 4 ਮਈ ਦੀ ਮੀਟਿੰਗ ਵਿੱਚ ਪੰਜਾਬ ਦਾ ਕੋਈ ਮੰਤਰੀ ਸ਼ਾਮਿਲ ਹੋਵੇਗਾ ਤਾਂ ਕੇਂਦਰ ਦੀ ਮੀਟਿੰਗ ਦਾ ਬਾਈਕਾਟ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖੇ ਇਸ ਪੱਤਰ ‘ਤੇ ਜਗਜੀਤ ਸਿੰਘ ਡੱਲੇਵਾਲ, ਅਭਿਮੰਨਿਊ ਕੋਹਾੜ, ਸੁਖਜੀਤ ਸਿੰਘ ਹਰਦੋਝੰਡੇ, ਸੁਖਦੇਵ ਸਿੰਘ ਭੋਜਰਾਜ, ਸਰਬਨ ਸਿੰਘ ਪੰਧੇਰ, ਮਨਜੀਤ ਸਿੰਘ ਰਾਏ, ਸੁਖਵਿੰਦਰ ਕੌਰ ਅਤੇ ਬਲਵੰਤ ਸਿੰਘ ਬਹਿਰਾਮਕੇ ਦੇ ਦਸਤਖ਼ਤ ਹਨ। ਪੰਜਾਬ ਦੇ ਮੰਤਰੀਆਂ ਨਾਲ ਕਿਸੇ ਵੀ ਪਲੇਟਫਾਰਮ ‘ਤੇ ਗੱਲਬਾਤ ਕਰਨ ਸਬੰਧੀ ਦੋ ਟੁੱਕ ਜਵਾਬ ਦੇਣ ਵਾਲੇ ਪੱਤਰ ਦੇ ਨਾਲ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਅਪਲੋਡ ਕੀਤੀ ਹੈ।