ਚੰਡੀਗੜ੍ਹ, 28 ਅਪ੍ਰੈਲ, Gee98 News service
-ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਦਰਮਿਆਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਇੱਕ ਦੂਜੇ ਦੇ ਖਿਲਾਫ਼ ਸਖ਼ਤ ਕਦਮ ਚੁੱਕੇ ਹਨ। ਇਸੇ ਤਰ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੇ ਇੱਕ ਦੂਜੇ ਦੇ ਨਾਗਰਿਕਾਂ ਨੂੰ ਦੇਸ਼ ਛੱਡਣ ਦੇ ਹੁਕਮ ਦਿੱਤੇ। ਭਾਰਤ ਸਰਕਾਰ ਨੇ ਇਧਰ ਆਏ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ਾ ਰੱਦ ਕਰਦੇ ਹੋਏ 29 ਅਪ੍ਰੈਲ ਤੱਕ ਭਾਰਤ ਛੱਡ ਦੇਣ ਦੇ ਹੁਕਮ ਜਾਰੀ ਕੀਤੇ, ਜਿਸ ਤੋਂ ਬਾਅਦ ਬਹੁਤ ਸਾਰੇ ਪਾਕਿਸਤਾਨੀ ਨਾਗਰਿਕ ਭਾਰਤ ਛੱਡ ਵੀ ਚੁੱਕੇ ਹਨ। ਹੁਣ ਭਾਰਤੀ ਸਰਕਾਰ ਨੇ ਨਵੇਂ ਹੁਕਮ ਜਾਰੀ ਕੀਤੇ ਹਨ ਕਿ ਜਿਹੜੇ ਪਾਕਿਸਤਾਨੀ ਨਾਗਰਿਕ ਮਿਥੇ ਸਮੇਂ 29 ਅਪ੍ਰੈਲ ਤੱਕ ਭਾਰਤ ਨਹੀਂ ਛੱਡ ਕੇ ਜਾਣਗੇ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕੋਈ ਪਾਕਿਸਤਾਨੀ ਨਾਗਰਿਕ ਸਮਾਂ ਸੀਮਾ ਤੋਂ ਬਾਅਦ ਦੇਖਿਆ ਗਿਆ ਤਾਂ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਸ ‘ਤੇ ਮੁਕੱਦਮਾ ਚਲਾਇਆ ਜਾਵੇਗਾ ਅਤੇ ਉਸਨੂੰ 3 ਸਾਲ ਤੱਕ ਦੀ ਕੈਦ ਜਾਂ 3 ਲੱਖ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਦੱਸ ਦੇਈਏ ਕਿ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਐਕਟ 2025 ਦੇ ਅਨੁਸਾਰ, ਵੱਧ ਸਮਾਂ ਠਹਿਰਨਾ, ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨਾ ਜਾਂ ਪਾਬੰਦੀਸ਼ੁਦਾ ਖੇਤਰਾਂ ਵਿੱਚ ਅਣਅਧਿਕਾਰਤ ਪ੍ਰਵੇਸ਼ ਕਰਨ ‘ਤੇ ਤਿੰਨ ਸਾਲ ਤੱਕ ਦੀ ਕੈਦ ਅਤੇ 3 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।