ਚੰਡੀਗੜ੍ਹ ,2 ਜੁਲਾਈ, Gee98 news service
-ਪੰਜਾਬ ਰਾਜ ਵਿਜੀਲੈਂਸ ਬਿਊਰੋ ਨੇ ਪੁਲਿਸ ਵੱਲੋਂ ਦਰਜ ਕੀਤਾ ਕੇਸ ਦੌਰਾਨੇ ਪੜ੍ਹਤਾਲ ਰੱਦ ਕਰਵਾਉਣ ਬਦਲੇ ਇੱਕ ਡੀਐਸਪੀ ਦੇ ਪੀਐਸਓ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲ੍ਹੇ ਦੀ ਤਹਿਸੀਲ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਦੀ ਵਸਨੀਕ ਇੱਕ ਔਰਤ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ ਹੌਲਦਾਰ ਰਾਜਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ਕਾਰਨ ਵਿਰੋਧੀ ਧਿਰ ਨੇ ਉਸਦੇ ਪਤੀ ਅਤੇ ਉਸਦੇ ਦੋਵੇਂ ਪੁੱਤਰਾਂ ਵਿਰੁੱਧ ਥਾਣਾ ਨਥਾਣਾ ਵਿਖੇ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸਦੀ ਜਾਂਚ ਡੀਐਸਪੀ ਭੁੱਚੋ ਵੱਲੋਂ ਕੀਤੀ ਜਾ ਰਹੀ ਹੈ।
ਇਹ ਕੇਸ ਦੌਰਾਨੇ ਪੜ੍ਹਤਾਲ ਰੱਦ ਕਰਵਾਉਣ ਲਈ ਰਾਜਕੁਮਾਰ ਨੇ ਸ਼ਿਕਾਇਤ ਕਰਤਾ ਔਰਤ ਕੋਲੋਂ 2 ਲੱਖ ਰੁਪਏ ਦੀ ਰਿਸ਼ਵਤ ਮੰਗੀ ਅਤੇ 1 ਲੱਖ ਰੁਪਏ ਪਹਿਲਾਂ ਮੰਗੇ, ਸ਼ਿਕਾਇਤਕਰਤਾ ਔਰਤ ਨੇ ਰਾਜਕੁਮਾਰ ਨਾਲ ਮੋਬਾਈਲ ਫੋਨ ‘ਤੇ ਹੋਈ ਗੱਲਬਾਤ ਦੀ ਰਿਕਾਰਡਿੰਗ ਕੀਤੀ ਅਤੇ ਵਿਜੀਲੈਂਸ ਨੂੰ ਦੇ ਦਿੱਤੀ ਜਿਸ ਤੋਂ ਬਾਅਦ ਵਿਜੀਲੈਂਸ ਨੇ ਟਰੈਪ ਲਗਾ ਕੇ ਹੌਲਦਾਰ ਰਾਜਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਅਤੇ ਉਸ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ। ਬੁਲਾਰੇ ਨੇ ਕਿਹਾ ਕਿ ਇਸ ਕੇਸ ਦੀ ਪੜ੍ਹਤਾਲ ਦੌਰਾਨ ਜੇਕਰ ਹੋਰ ਕਿਸੇ ਅਧਿਕਾਰੀ/ਕਰਮਚਾਰੀ ਦਾ ਨਾਮ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।