ਚੰਡੀਗੜ੍ਹ,9 ਜੁਲਾਈ, Gee98 news service
-ਪੰਜਾਬ ‘ਚ ਬੱਸਾਂ ਰਾਹੀ ਸਫ਼ਰ ਕਰਨ ਵਾਲੇ ਆਮ ਲੋਕਾਂ ਲਈ ਇਹ ਖ਼ਬਰ ਅਹਿਮ ਹੈ ਕਿਉਂਕਿ ਅੱਜ ਤੋਂ ਤਿੰਨ ਦਿਨ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰੀ ਲਾਰੀਆਂ ਨਹੀਂ ਚੱਲਣਗੀਆਂ। ਪੰਜਾਬ ‘ਚ ਪੀਆਰਟੀਸੀ, ਪਨਬੱਸ, ਪੰਜਾਬ ਰੋਡਵੇਜ਼ ਕਾਮਿਆਂ ਦੀ ਜਥੇਬੰਦੀ ਨੇ 9,10, 11 ਜੁਲਾਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਲੰਮੇ ਸਮੇਂ ਤੋਂ ਠੇਕੇ ਦੇ ਅਧਾਰ ‘ਤੇ ਕੰਮ ਕਰ ਰਹੇ ਇਹਨਾਂ ਕਾਮਿਆਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਨ ਤੋਂ ਇਲਾਵਾ ਹੋਰ ਮੰਗਾਂ ਮਨਵਾਉਣ ਲਈ ਤਿੰਨ ਦਿਨ ਸਰਕਾਰੀ ਬੱਸਾਂ ਨਾ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾ ਆਗੂ ਰਣਧੀਰ ਸਿੰਘ ਗਹਿਲ ਨੇ ਦੱਸਿਆ ਕਿ ਜਥੇਬੰਦੀ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਪੰਜਾਬ ਸਰਕਾਰ ਅਤੇ ਪੀਆਰਟੀਸੀ ਦੀ ਮੈਨੇਜਮੈਂਟ ਅਨੇਕਾਂ ਵਾਰ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੁੱਕਰ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਦੇ ਲਾਰਿਆਂ ਤੋਂ ਤੰਗ ਆ ਕੇ ਜਥੇਬੰਦੀ ਨੇ ਇਹ ਸਖ਼ਤ ਕਦਮ ਚੁੱਕਿਆ ਹੈ ਕਿ 9,10,11 ਜੁਲਾਈ ਨੂੰ ਪੰਜਾਬ ਦੀਆਂ ਸੜਕਾਂ ‘ਤੇ ਸਰਕਾਰੀ ਬੱਸਾਂ ਨਹੀਂ ਚਲਾਈਆਂ ਜਾਣਗੀਆਂ। ਸੂਬਾ ਆਗੂ ਗਹਿਲ ਨੇ ਕਿਹਾ ਕਿ ਹੁਣ ਸਰਕਾਰ ਅਤੇ ਮੈਨੇਜਮੈਂਟ ਦੇ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜੀ ਜਾਵੇਗੀ ਅਤੇ ਜਥੇਬੰਦੀ ਆਪਣੀਆਂ ਮੰਗਾਂ ਮਨਾ ਕੇ ਹੀ ਦਮ ਲਵੇਗੀ। ਉਹਨਾਂ ਕਿਹਾ ਭਾਵੇਂ ਕਿ ਸਰਕਾਰੀ ਬੱਸਾਂ ਬੰਦ ਰਹਿਣ ਕਾਰਨ ਆਮ ਲੋਕਾਂ ਨੂੰ ਸਫ਼ਰ ਦੌਰਾਨ ਪਰੇਸ਼ਾਨੀਆਂ ਹੋਣਗੀਆਂ ਪਰੰਤੂ ਜਿਹੜੀਆਂ ਪਰੇਸ਼ਾਨੀਆਂ ਦਾ ਸਾਹਮਣਾ ਪੀਆਰਟੀਸੀ, ਪਨਬੱਸ, ਪੰਜਾਬ ਰੋਡਵੇਜ਼ ਦੇ ਕੱਚੇ ਅਤੇ ਪੱਕੇ ਕਰਮਚਾਰੀ ਕਰ ਰਹੇ ਹਨ ਉਹ ਮੁਸ਼ਕਲਾਂ ਵੀ ਘੱਟ ਨਹੀਂ ਹਨ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸਰਕਾਰੀ ਬੱਸਾਂ ਦੇ ਕਰਮਚਾਰੀਆਂ ਦੀ ਜਥੇਬੰਦੀ ਨੂੰ ਹੜ੍ਹਤਾਲ ਦੌਰਾਨ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।