ਬਰਨਾਲਾ,14 ਜੁਲਾਈ (ਨਿਰਮਲ ਸਿੰਘ ਪੰਡੋਰੀ)-
ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਸ਼ਾਨ ਨਾਲ ਜਿੱਤ ਕੇ ਵਿਧਾਇਕ ਬਣੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਪਿਛਲੇ ਕੁਝ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਹੁਣ ਤੱਕ ਦੋ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਉਹਨਾਂ ਨੂੰ ਤਿੰਨ ਤੋਂ ਚਾਰ ਵਾਰ ਧਮਕੀਆਂ ਦਿੱਤੀਆਂ ਗਈਆਂ ਹਨ।
ਵਿਧਾਇਕ ਢਿੱਲੋਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਧਮਕੀ ਦੇ ਰਹੇ ਹਨ ਕਿ “ਲੈਂਡ ਪੂਲਿੰਗ ਨੀਤੀ ਦੇ ਮਾਮਲੇ ਵਿੱਚ ਆਪਣੀ ਆਵਾਜ਼ ਬੁਲੰਦ ਰੱਖੋ, ਜੇਕਰ ਤੁਸੀਂ ਵਿਧਾਨ ਸਭਾ ਸੈਸ਼ਨ ਦੌਰਾਨ ਇਹ ਮੁੱਦਾ ਨਾ ਚੁੱਕਿਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੋ, ਸਾਡੀ ਸਾਰਿਆਂ ਉੱਪਰ ਨਜ਼ਰ ਹੈ”।
ਇਥੇ ਇਹ ਵੀ ਜ਼ਿਕਰਯੋਗ ਹੈ ਕਿ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਕਿਸਾਨਾਂ ਦੇ ਇੱਕ ਵਫ਼ਦ ਨੂੰ ਨਾਲ ਲੈ ਕੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੈਮੋਰੰਡਮ ਦਿੱਤਾ ਸੀ ਜਿਸ ਵਿੱਚ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ ਗਿਆ ਸੀ ਅਤੇ ਇਸ ਸਬੰਧੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜ਼ਿਕਰ ਖੁੱਲ੍ਹ ਕੇ ਕੀਤਾ ਗਿਆ ਸੀ। ਪੰਜਾਬ ਦੇ ਰਾਜਪਾਲ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਢਿੱਲੋਂ ਨੇ ਕਿਹਾ ਸੀ ਕਿ ਉਹ ਜਿੱਥੇ ਸਮੁੱਚੇ ਪੰਜਾਬ ‘ਚ ਲੈਂਡ ਪੂਲਿੰਗ ਨੀਤੀ ਤਹਿਤ ਜ਼ਮੀਨ ਅਕੁਵਾਇਰ ਕਰਨ ਦੀ ਖੁੱਲ੍ਹ ਕੇ ਵਿਰੋਧਤਾ ਕਰਨਗੇ ਉਥੇ ਬਰਨਾਲਾ ਜ਼ਿਲ੍ਹੇ ਵਿੱਚ ਇੱਕ ਵਿਸਵਾ ਜ਼ਮੀਨ ਵੀ ਅਕਵਾਇਰ ਨਹੀਂ ਕਰਨ ਦਿੱਤੀ ਜਾਵੇਗੀ। ਦੱਸ ਦੇਈਏ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਤਹਿਤ ਬਰਨਾਲਾ ਵਿੱਚ ਵੀ ਲੱਗਭੱਗ 317 ਏਕੜ ਜ਼ਮੀਨ ਅਕਵਾਇਰ ਕਰਨ ਦੀ ਯੋਜਨਾ ਹੈ ਜਿਸ ਦੀ ਸ਼ਨਾਖ਼ਤ ਵੀ ਕੀਤੀ ਜਾ ਚੁੱਕੀ ਹੈ। ਵਿਧਾਇਕ ਢਿੱਲੋਂ ਨੇ ਜ਼ਿਲ੍ਹੇ ‘ਚ ਇਹ ਰਕਬਾ ਅਕੁਵਾਇਰ ਕਰਨ ਦੇ ਖ਼ਿਲਾਫ਼ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਹੈ, ਜਿਸ ਤੋਂ ਬਾਅਦ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਾ ਸਿਲਸਿਲਾ ਸ਼ੁਰੂ ਹੋਇਆ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਉਹਨਾਂ ਨੇ ਇਸ ਮਾਮਲੇ ਸਬੰਧੀ ਜ਼ਿਲ੍ਹੇ ਦੇ ਐਸਐਸਪੀ ਨੂੰ ਵੀ ਸੂਚਨਾ ਦਿੱਤੀ ਹੈ। ਇਸ ਮੌਕੇ ਹਾਜ਼ਰ ਸੀਨੀਅਰ ਕਾਂਗਰਸੀ ਅਤੇ ਕਿਸਾਨ ਆਗੂ ਧੰਨਾ ਸਿੰਘ ਗਰੇਵਾਲ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਵਿਧਾਇਕ ਢਿੱਲੋਂ ਨੂੰ ਧਮਕੀਆਂ ਦੇਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।