ਚੰਡੀਗੜ੍ਹ, 21 ਅਗਸਤ, Gee98 news service
-ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਮੌਤ ਤੋਂ ਬਾਅਦ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਿਲਚਸਪ ਦੌਰ ਵਿੱਚ ਪੁੱਜਦੀ ਜਾ ਰਹੀ ਹੈ। ਭਾਵੇਂ ਕਿ ਚੋਣ ਕਮਿਸ਼ਨ ਨੇ ਅਜੇ ਅਧਿਕਾਰਤ ਤੌਰ ‘ਤੇ ਇਸ ਚੋਣ ਦਾ ਐਲਾਨ ਨਹੀਂ ਕੀਤਾ ਪ੍ਰੰਤੂ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਨੇ ਕਮਰਕੱਸੇ ਕੀਤੇ ਹੋਏ ਹਨ। ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਨੇ ਪੁਰਾਣੇ ਟਕਸਾਲੀ ਅਕਾਲੀ ਆਗੂ ਨੂੰ ਪੱਟ ਕੇ ਮੈਦਾਨ ਵਿੱਚ ਲਿਆਂਦਾ ਹੈ ਉੱਥੇ ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵਾਰਿਸ ਪੰਜਾਬ ਦੇ ਅਕਾਲੀ ਦਲ ਨੇ ਬੀਬੀ ਪਰਮਜੀਤ ਕੌਰ ਨੂੰ ਮੈਦਾਨ ਵਿੱਚ ਉਤਾਰ ਕੇ ਜ਼ਿਮਨੀ ਚੋਣ ਦੀ ਚੋਣ ਜੰਗ ਨੂੰ ਦਿਲਚਸਪ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਜ਼ਿਮਨੀ ਚੋਣ ਲਈ ਇੱਕ ਮਹਿਲਾ ਉਮੀਦਵਾਰ ਮੈਦਾਨ ਵਿੱਚ ਉਤਾਰੀ ਗਈ ਹੈ।
ਵਾਰਿਸ ਪੰਜਾਬ ਦੇ ਅਕਾਲੀ ਦਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਟਿਕਟ ਦੇ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਨਵੇਂ ਹੋਂਦ ਵਿੱਚ ਆਏ ਅਕਾਲੀ ਦਲ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹਨ। ਗਿਆਨੀ ਹਰਪ੍ਰੀਤ ਸਿੰਘ ਦੀ ਕਈ ਵਰ੍ਹਿਆਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਤੇ ਸਿੱਖ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸੋਚ ਦੇ ਚਲਦਿਆਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਬੀਬੀ ਖਾਲੜਾ ਦਾ ਵਿਰੋਧ ਕਰਨਾ ਸੌਖਾ ਨਹੀਂ ਹੋਵੇਗਾ। ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ‘ਤੇ ਨਿੱਜੀ ਤੌਰ ‘ਤੇ ਭਾਜਪਾ ਨਾਲ ਨੇੜਤਾ ਦੇ ਦੋਸ਼ ਵੀ ਲੱਗ ਰਹੇ ਹਨ। ਹੁਣ ਵੇਖਣਾ ਹੋਵੇਗਾ ਕਿ ਤਰਨਤਾਰਨ ਦੀ ਜ਼ਿਮਨੀ ਚੋਣ ਦੇ ਸੰਦਰਭ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੇ ਅਕਾਲੀ ਦਲ ਦਾ ਫੈਸਲਾ ਕੀ ਹੋਵੇਗਾ। ਮੰਨਿਆ ਜਾ ਰਿਹਾ ਹੈ ਕਿ ਬੀਬੀ ਖਾਲੜਾ ਦੇ ਨਾਮ ਦਾ ਐਲਾਨ ਕਰਕੇ ਜੇਲ੍ਹ ਵਿੱਚ ਬੈਠੇ ਅੰਮ੍ਰਿਤਪਾਲ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਿਆਸੀ ਮੁਸ਼ਕਿਲ ਵਿੱਚ ਫਸਾ ਦਿੱਤਾ ਹੈ।