ਬਰਨਾਲਾ, 04 ਅਗਸਤ (ਨਿਰਮਲ ਸਿੰਘ ਪੰਡੋਰੀ) :
ਪੰਜਾਬ ਰੋਡਵੇਜ਼, ਪੀਆਰਟੀਸੀ, ਪਨਬੱਸ ਦੇ ਕੱਚੇ ਕਾਮਿਆਂ ਨੇ 9 ਅਗਸਤ ਨੂੰ ਨੈਸ਼ਨਲ ਹਾਈਵੇ ਮੁਕੰਮਲ ਜਾਮ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨਾਲ ਮੀਟਿੰਗ ਨਾ ਕਰਨ ਤੋਂ ਅੱਕੇ ਇਨ੍ਹਾਂ ਮੁਲਾਜ਼ਮਾਂ ਨੇ 14,15 ਅਤੇ 16 ਅਗਸਤ ਨੂੰ ਗੁਲਾਮੀ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਪੁੱਛਣ ਦਾ ਪ੍ਰੋਗਰਾਮ ਵੀ ਉਲੀਕਿਆ ਹੈ। ਜ਼ਿਕਰਯੋਗ ਹੈ ਕਿ ਸੂੁਬੇ ਦੀ ਸਰਕਾਰੀ ਟਰਾਂਸਪੋਰਟ ਦੇ ਇਹ ਕੱਚੇ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਨ, ਸਰਕਾਰੀ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ, ਨੌਕਰੀ ਤੋਂ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਪੀਆਰਟੀਸੀ ਦਾ ਨਿੱਜੀਕਰਨ ਰੋਕਣ, ਕਿਲੋਮੀਟਰ ਸਕੀਮ ਬੱਸਾਂ ਪਾਉਣ ਦੀ ਯੋਜਨਾ ਰੋਕਣ ਸਮੇਤ ਆਪਣੀਆਂ ਹੋਰ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਸਰਕਾਰੀ ਟਰਾਂਸਪੋਸਰਟ ਦੇ ਇਨਾਂ ਮੁਲਾਜ਼ਮਾਂ ਵੱਲੋਂ ਹੜਤਾਲ ਕਰਨ ਕਰਕੇ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਆਮ ਵਰਗ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। 9 ਅਗਸਤ ਨੂੰ ਸੂਬੇ ਦੇ ਨੈਸ਼ਨਲ ਹਾਈਵੇ ਜਾਮ ਕਰਨ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਹੜਤਾਲ ਦੌਰਾਨ ਆਮ ਲੋਕਾਂ ਨੂੰ ਪੈਦਾ ਹੋਣ ਵਾਲੀਆਂ ਪ੍ਰੇਸ਼ਾਨੀਆਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।