ਬਰਨਾਲਾ, 19 ਅਕਤੂਬਰ (ਨਿਰਮਲ ਸਿੰਘ ਪੰਡੋਰੀ) :
ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲੱਗਣ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਆਂਗਣਵਾੜੀ ਵਰਕਰਾਂ ਨੂੰ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ। ਜੇਕਰ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਆਪਣੇ ਖੇਤ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਵੇਗਾ ਤਾਂ ਉਸ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਸਾਫ਼ ਰੱਖਣਾ ਸਾਡੇ ਸਭ ਦੀ ਜ਼ਿੰਮੇਵਾਰੀ ਹੈ ਤੇ ਇਸ ਬਾਰੇ ਪਹਿਲਕਦਮੀ ਸਰਕਾਰੀ ਮੁਲਾਜਮਾਂ ਰਾਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੇ ਖੇਤ ਵਿਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲੱਗਣ ਦੇਵੇ। ਜੇਕਰ ਅਜਿਹਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧ ਵਿੱਚ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਔਰਤਾਂ ਨਾਲ ਨੁੱਕੜ ਮੀਟਿੰਗਾਂ ਕਰਕੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਸਾਰੇ ਬੀਡੀਪੀਓਜ਼ ਨੂੰ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਤਾਲਮੇਲ ਵਧਾਉਣ ਅਤੇ ਪਰਾਲੀ ਨਾ ਸਾੜਨ ਦਾ ਸੁਨੇਹਾ ਪਹੁੰਚਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਸਰਪੰਚ/ ਨੰਬਰਦਾਰ ਦੇ ਖੇਤ ਵਿਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲੱਗੇ। ਡਿਪਟੀ ਕਮਿਸਨਰ ਨੇ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਨੂੰ ਸਬਸਿਡੀ ਵਾਲੀ ਮਸ਼ੀਨਰੀ ਦਾ ਵੱਧ ਤੋਂ ਵੱਧ ਉਪਯੋਗ ਕਰਨ ਅਤੇ ਬੇਲਰ ਮਾਲਕਾਂ ਨਾਲ ਪੂਰਾ ਤਾਲਮੇਲ ਬਣਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਵੱਧ ਤੋਂ ਵੱਧ ਰਕਬੇ ਵਿਚ ਪਰਾਲੀ ਦੀਆਂ ਗੱਠਾਂ ਤਿਆਰ ਕੀਤੀਆਂ ਜਾਣ ਅਤੇ ਫਸਲੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਮਿਲਾਉਣ ਦੀ ਮਸ਼ੀਨਰੀ ਦੀ ਵੀ ਵੱਧ ਤੋਂ ਵੱਧ ਰਕਬੇ ਵਿੱਚ ਵਰਤੋਂ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਲਵਜੀਤ ਕਲਸੀ, ਐੱਸਡੀਐੱਮ ਗੋਪਾਲ ਸਿੰਘ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।