-ਦੀਵਾਰਾਂ ‘ਤੇ ਪੇਟਿੰਗਜ਼ ਬਣਾ ਕੇ ਕੀਤਾ ਜਾ ਰਿਹਾ ਜਾਗਰੂਕ
ਬਰਨਾਲਾ 8 ਮਈ ( ਨਿਰਮਲ ਸਿੰਘ ਪੰਡੋਰੀ )-
ਨਹਿਰੂ ਯੁਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ ਸੰਭਾਲ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਤਹਿਤ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਦੀ ਅਗਵਾਈ ਹੇਠ ਨੈਸ਼ਨਲ ਵਾਟਰ ਮਿਸ਼ਨ ਦੇ ਸਹਿਯੋਗ ਨਾਲ “ਕੈਚ ਦ ਰੇਨ” ਮੁਹਿੰਮ ਦੇ ਦੋ ਪੜਾਵਾਂ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ। ਹੁਣ ਇਸ ਸਾਲ ਤੋਂ ਇਸ ਲੜੀ ਤਹਿਤ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਯੂਥ ਅਫਸਰ ਓਮਕਾਰ ਸਵਾਮੀ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਮੁਹਿੰਮ ਵਿਚ ਪਾਣੀ ਇਕੱਠਾ ਕਰਨ ਵਾਲੇ ਟੋਏ ਬਣਾਉਣ ਸੰਬੰਧੀ, ਟੈਂਕੀਆਂ ਦੀ ਡੀ ਸਿਲਟਿੰਗ ਕਰ ਕੇ ਉਨ੍ਹਾਂ ਦੀ ਸਮਰੱਥਾ ਨੂੰ ਵਧਾਉਣ, ਆਦਿ ਬਾਰੇ ਜਾਗਰੂਕ ਕੀਤਾ ਗਿਆ। ਇਸ ਮੁਹਿੰਮ ਦੇ ਤੀਜੇ ਪੜਾਅ ਵਿਚ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਕਿ ਨੌਜਵਾਨਾਂ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਹੋਣ। ਇਸ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ‘ਤੇ ਦੀਵਾਰਾਂ ‘ਤੇ ਪੇਂਟਿੰਗ ਕਰ ਕੇ ਲੋਕਾਂ ਨੂੰ ਇਸ ਬਾਰੇ ਸੁਚੇਤ ਕੀਤਾ। ਜ਼ਿਲ੍ਹਾ ਯੂਥ ਅਫ਼ਸਰ ਨੇ ਕਿਹਾ ਕਿ ਨੌਜਵਾਨਾਂ ਕੋਲ ਅੱਜ ਦੇ ਸਮੇਂ ਵਿੱਚ ਬਹੁਤ ਸੰਸਾਧਨ ਹਨ, ਉਨ੍ਹਾਂ ਨੂੰ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਪ੍ਰੋਜੈਕਟ ਦੇ ਪਿਛਲੇ ਪੜਾਵਾਂ ਦੇ ਸਫਲਤਾਪੂਰਵਕ ਲਾਗੂ ਹੋਣ ਨੇ ਸਾਬਿਤ ਕੀਤਾ ਹੈ ਕਿ ਨੌਜਵਾਨ ਜਦੋਂ ਸਹੀ ਢੰਗ ਨਾਲ ਸਿੱਖਿਅਤ ਅਤੇ ਪ੍ਰੇਰਿਤ ਹੋਣ ਤਾਂ ਉਹ ਸਵੈ-ਇੱਛਾ ਨਾਲ ਅੱਗੇ ਆਉਂਦੇ ਹਨ ਅਤੇ ਕਿਸੇ ਵੀ ਸਮਾਜਿਕ ਵਿਕਾਸ ਅਤੇ ਰਾਸ਼ਟਰੀ ਉਦੇਸ਼ ਵਿੱਚ ਹਿੱਸਾ ਲੈਣ ਲਈ ਹਮੇਸ਼ਾ ਤਿਆਰ ਹੁੰਦੇ ਹਨ। ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਕਿਹਾ ਕਿ ਪਾਣੀ ਦੀ ਸੰਭਾਲ ਵਿਸ਼ਵ ਭਰ ਵਿੱਚ ਇੱਕ ਮਹੱਤਵਪੂਰਨ ਮੁੱਦਾ ਹੈ। ਪਾਣੀ ਇੱਕ ਪ੍ਰਮੁੱਖ ਜੀਵਨ-ਸਥਾਈ ਕੁਦਰਤੀ ਸਰੋਤ ਹੈ ਜੋ ਬਣਾਇਆ ਨਹੀਂ ਜਾ ਸਕਦਾ। ਭਾਰਤ ਕੋਲ ਵਿਸ਼ਵ ਦੀ ਅਬਾਦੀ ਦਾ ਲਗਭਗ 18% ਹੈ ਪਰ ਇਸਦੇ ਕੋਲ ਤਾਜ਼ੇ ਪਾਣੀ ਦੇ ਸਰੋਤਾਂ ਦਾ ਸਿਰਫ 4% ਹੈ ,ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ ਬਹੁਤ ਘੱਟ ਗਈ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪਾਣੀ ਦੀ ਸੰਭਾਲ ਲਈ ਅੱਗੇ ਆਉਣ ਦੀ ਲੋੜ ਹੈ।
