-ਮੋਦੀ ਸਰਕਾਰ ਦੇ 9 ਵਰ੍ਹੇ ਪੂਰੇ ਹੋਣ ‘ਤੇ ਕੀਤੀ ਪ੍ਰੈਸ ਕਾਨਫਰੰਸ
ਬਰਨਾਲਾ 1 ਜੂਨ ( ਨਿਰਮਲ ਸਿੰਘ ਪੰਡੋਰੀ )-ਬਰਨਾਲਾ ਜ਼ਿਲ੍ਹੇ ਵਿੱਚ ਅਤਿ ਆਧੁਨਿਕ ਸਿਹਤ ਉਪਕਰਣਾਂ ਨਾਲ ਲੈਸ 100 ਬੈੱਡ ਦਾ ਕ੍ਰਿਟੀਕਲ ਕੇਅਰ ਸੈਂਟਰ ਜਲਦੀ ਹੀ ਖੋਲ੍ਹਿਆ ਜਾਵੇਗਾ । ਇਹ ਪ੍ਰਗਟਾਵਾ ਕੇਂਦਰੀ ਸਿਹਤ ਮੰਤਰੀ ਡਾ. ਮਨਸੂਖ਼ ਮਾਡਵੀਆ ਨੇ ਮੋਦੀ ਸਰਕਾਰ ਦੇ 9 ਵਰ੍ਹੇ ਪੂਰੇ ਹੋਣ ‘ਤੇ ਬਰਨਾਲਾ ਵਿਖੇ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਕੀਤਾ । ਉਨ੍ਹਾਂ ਦੱਸਿਆ ਕਿ ਇਸ ਕ੍ਰਿਟੀਕਲ ਕੇਅਰ ਸੈਂਟਰ ਲਈ ਜਲਦੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ, ਦਿੱਤੇ ਜੋਖ਼ਮ ਭਰੇ ਹਾਲਾਤਾਂ ਵਿੱਚ ਮਰੀਜ਼ਾਂ ਨੂੰ ਅਤਿ-ਆਧੁਨਿਕ ਸੇਵਾਵਾਂ ਮਿਲਣਗੀਆਂ । ਪੰਜਾਬ ਸਰਕਾਰ ਵੱਲੋਂ ਖੋਲ੍ਹੇ ਆਮ ਆਦਮੀ ਕਲੀਨਕਾਂ ਬਾਰੇ ਗੱਲ ਕਰਦੇ ਹੋਏ ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਕਾਂ ਵਿਚ 60 ਫ਼ੀਸਦੀ ਹਿੱਸੇਦਾਰੀ ਕੇਂਦਰ ਸਰਕਾਰ ਦੀ ਹੈ ਅਤੇ ਇਹ ਕੇਂਦਰ ਦੀ ‘ਹੈਲਥ ਵੈਲਨੈਸ ਸਕੀਮ’ ਤਹਿਤ ਖੋਲੇ ਗਏ ਹਨ ਪ੍ਰੰਤੂ ਪੰਜਾਬ ਸਰਕਾਰ ਨੇ ਸਕੀਮ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਕ ਰੱਖ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ ਕਿ ਆਮ ਆਦਮੀ ਕਲੀਨਕਾਂ ਸਬੰਧੀ MOU ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੂਬਾ ਸਰਕਾਰ, ਕੇਂਦਰ ਸਰਕਾਰ ਨਾਲ ਹਿੱਸੇਦਾਰੀ ਵਾਲੀ ਸਕੀਮ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰੇ ਤਾਂ ਇਹ ਮੰਨਿਆ ਜਾਂਦਾ ਹੈ ਕਿ ਸੂਬਾ ਸਰਕਾਰ ਸਕੀਮ ਨੂੰ ਠੀਕ ਤਰੀਕੇ ਨਾਲ ਲਾਗੂ ਨਹੀਂ ਕਰ ਰਹੀ । ਡਾ. ਮਾਡਵੀਆ,ਜਿਨ੍ਹਾਂ ਕੋਲ ਖਾਦ ਵਿਭਾਗ ਵੀ ਹੈ, ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਇੱਥੋਂ ਦੇ ਕਿਸਾਨਾਂ ਨੂੰ ਖਾਦ ਦੀ ਪੂਰਤੀ ਸੰਬੰਧੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ । ਸ੍ਰੀ ਮਾਡਵੀਆ ਨੇ ਕਿਹਾ ਕਿ ਖਾਦ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਅਜਿਹੀ ਨੌਬਤ ਵੀ ਆਉਂਦੀ ਹੈ ਤਾਂ ਕੇਂਦਰ ਸਰਕਾਰ ਖ਼ੁਦ ਸਬਸਿਡੀ ਦਾ ਪੈਸਾ ਭਰੇਗੀ । ਕੇਂਦਰੀ ਮੰਤਰੀ ਨੇ ਦੱਸਿਆ ਕਿ ਮੋਦੀ ਸਰਕਾਰ ਦੇ 9 ਵਰ੍ਹੇ ਪੂਰੇ ਹੋਣ ‘ਤੇ ਭਾਜਪਾ ਵੱਲੋਂ ਆਉਣ ਵਾਲੇ ਇਕ ਮਹੀਨੇ ਤੱਕ ਦੇਸ਼ ਭਰ ਵਿੱਚ ਵਿਸ਼ੇਸ਼ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਸਮਾਗਮਾਂ ਵਿੱਚ ਨੌਂ ਵਰ੍ਹਿਆਂ ਦੀਆਂ ਪ੍ਰਾਪਤੀਆਂ ਦੇਸ਼ ਦੇ ਲੋਕਾਂ ਸਾਹਮਣੇ ਰੱਖੀਆਂ ਜਾਣਗੀਆਂ ।ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੀ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿੱਚ ਕੀਤੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ । ਕੇਂਦਰੀ ਮੰਤਰੀ ਨੇ ਆਪਣੀ ਗੱਲਬਾਤ ਦੌਰਾਨ ਸ੍ਰੀ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵਿਦੇਸ਼ੀ ਸੰਬੰਧਾਂ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ । ਸਿਹਤ ਮੰਤਰੀ ਨੇ ਮੋਦੀ ਸਰਕਾਰ ਦੇ ਉਪਰਾਲਿਆਂ ਦੀ ਚਰਚਾ ਕਰਦੇ ਹੋਏ ਦਾਅਵਾ ਕੀਤਾ ਕਿ ਕੋਵਿਡ-19 ਦੌਰਾਨ ਭਾਰਤ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਵਿਸ਼ਵ ਦੇ ਕਈ ਵੱਡੇ ਮੁਲਕਾਂ ਨੇ ਵੀ ਸ਼ਲਾਘਾ ਕੀਤੀ ਹੈ । ਉਨ੍ਹਾਂ ਕਿਹਾ ਕਿ ਕਰੋਨਾ ਵੈਕਸੀਨ ਦੀ ਖੋਜ ਮੋਦੀ ਸਰਕਾਰ ਦੀ ਇਕ ਵੱਡੀ ਪ੍ਰਾਪਤੀ ਹੈ, ਜਿਸ ਨੇ ਜਿਥੇ ਭਾਰਤ ਦੇ ਲੋਕਾਂ ਨੂੰ ਸਿਹਤ ਪ੍ਰਤੀ ਵੱਡੀ ਮੁਸ਼ਕਿਲ ਵਿਚੋਂ ਬਾਹਰ ਕੱਢਿਆ ਉਥੇ ਵਿਸ਼ਵ ਦੇ ਵੱਡੇ ਮੁਲਕਾਂ ਨੂੰ ਵੀ ਹੈਰਾਨ ਕੀਤਾ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸ੍ਰੀ ਮਹਿੰਦਰ ਸਿੰਘ, ਸੀਨੀਅਰ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ, ਜ਼ਿਲ੍ਹਾ ਭਾਜਪਾ ਪ੍ਰਧਾਨ ਗੁਰਮੀਤ ਸਿੰਘ ਹੰਡਿਆਇਆ, ਭਾਜਪਾ ਆਗੂ ਨਰਿੰਦਰ ਗਰਗ ਨੀਟਾ, ਯਾਦਵਿੰਦਰ ਸ਼ੰਟੀ, ਹਰਿੰਦਰ ਸਿੱਧੂ, ਇੰਜ. ਗੁਰਜਿੰਦਰ ਸਿੰਘ ਸਿੱਧੂ ਸਮੇਤ ਹੋਰ ਭਾਜਪਾ ਆਗੂ ਵੀ ਹਾਜ਼ਰ ਸਨ ।
